ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਨਿਵੇਕਲੀਆਂ ਪਹਿਲਕਦਮੀਆਂ
ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਦਾ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨ, ਫਿਲਮ ਦੀਆਂ ਟਿਕਟਾਂ ਵੀ ਦਿੱਤੀਆਂ
ਜਲੰਧਰ, 1 ਜੂਨ (EN) ਜਲੰਧਰ ਲੋਕ ਸਭਾ ਚੋਣ ਦੌਰਾਨ ਵੋਟਰਾਂ ਖਾਸ ਕਰ ਨੌਜਵਾਨ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਨਿਵੇਕਲੀਆਂ ਪਹਿਲਕਦਮੀਆਂ ਅੱਜ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਵੋਟਰਾਂ ਨੂੰ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ ਕਰਨ ਦੇ ਨਾਲ-ਨਾਲ ਫਿਲਮ ਦੀਆਂ ਟਿਕਟਾਂ ਵੀ ਪ੍ਰਦਾਨ ਕੀਤੀਆਂ ਗਈਆਂ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਦਿਆਂ ਸਥਾਨਕ ਐਚ.ਐਮ.ਵੀ. ਕਾਲਜ ਵਿਖੇ ਬਣੇ ਮਾਡਲ ਪੋਲਿੰਗ ਬੂਥ ਵਿਖੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਵੋਟਰਾਂ ਦਾ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਉਤਸ਼ਾਹ ਦੇ ਚਿੰਨ ਵਜੋਂ ਫਿਲਮ ਦੀਆਂ ਟਿਕਟਾਂ ਵੀ ਦਿੱਤੀਆਂ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪ੍ਰਸ਼ਾਸਨ ਵੱਲੋਂ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਦਾ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨ ਕਰਨ ਤੋਂ ਇਲਾਵਾ 80 ‘ਫਸਟ ਟਾਈਮ ਵੋਟਰਾਂ’ ਨੂੰ ਫਿਲਮ ਦੀਆਂ ਟਿਕਟਾਂ ਮੁਫ਼ਤ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮਕਸਦ ਨੌਜਵਾਨਾਂ ਦੀ ਹੌਸਲਾ ਅਫ਼ਜ਼ਾਈ ਕਰਨਾ ਅਤੇ ਉਨ੍ਹਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਸੀ। ਅਪਾਹਜ ਆਸ਼ਰਮ ਵਿਖੇ ਪਹਿਲੀ ਵਾਰ ਵੋਟ ਪਾਉਣ ਵਾਲੇ ਸਰੀਰਕ ਤੌਰ ’ਤੇ ਅਸਮਰੱਥ (ਪੀ.ਡਬਲਯੂ.ਡੀ.) ਵੋਟਰਾਂ ਨੂੰ ਵੀ ਡਿਪਟੀ ਕਮਿਸ਼ਨਰ ਵੱਲੋਂ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਜ਼ਿਲ੍ਹਾ ਚੋਣ ਅਫ਼ਸਰ ਨੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਅਤੇ ਉਥੇ ਚੱਲ ਰਹੀ ਵੋਟਿੰਗ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਵੋਟ ਪਾਉਣ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਭਰ ਦੇ ਸਮੁੱਚੇ 1951 ਪੋਲਿੰਗ ਬੂਥਾਂ ’ਤੇ ਲੋੜੀਂਦੀਆਂ ਸਾਰੀਆਂ ਸੁਵਿਧਾਵਾਂ ਤੋਂ ਇਲਾਵਾ ਗਰਮੀ ਤੋਂ ਬਚਾਅ ਲਈ ਪੀਣ ਵਾਲੇ ਪਾਣੀ, ਛਾਂ, ਮੈਡੀਕਲ ਸਹਾਇਤਾ, ਪੱਖੇ ਆਦਿ ਦੇ ਇੰਤਜ਼ਾਮ ਕੀਤੇ ਗਏ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਘਰ ਬੈਠੇ ਪੋਲਿੰਗ ਕੇਂਦਰ ਵਿਖੇ ਲੱਗੀ ਕਤਾਰ ਬਾਰੇ ਜਾਣਕਾਰੀ ਦੇਣ ਲਈ votejalandhar.in ਵੈਬਸਾਈਟ ਜਾਰੀ ਕੀਤੀ ਗਈ ਹੈ, ਜਿਸ ’ਤੇ ਪੋਲਿੰਗ ਬੂਥ ’ਤੇ ਕਤਾਰ ਵਿੱਚ ਲੱਗੇ ਲੋਕਾਂ ਬਾਰੇ ਜਾਣਕਾਰੀ ਹਰ 15 ਮਿੰਟ ਬਾਅਦ ਅਪਡੇਟ ਕੀਤੀ ਜਾ ਰਹੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਵਾਤਾਵਰਣ ਸੰਭਾਲ ਦਾ ਸੁਨੇਹਾ ਦੇਣ ਲਈ ਵੋਟਰਾਂ ਨੂੰ ਬੂਟਿਆਂ ਦੀ ਵੰਡ ਵੀ ਕੀਤੀ ਗਈ।ਇਸ ਮੌਕੇ ਉਨ੍ਹਾਂ ਨਾਲ ਜਨਰਲ ਆਬਜ਼ਰਵਰ ਜੇ. ਮੇਘਨਾਥ ਰੈਡੀ, ਖਰਚਾ ਆਬਜ਼ਰਵਰ ਮਾਧਵ ਦੇਸ਼ਮੁਖ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਵੀ ਮੌਜੂਦ ਸਨ।