ਜਲੰਧਰ, 3 ਜੂਨ(EN) ਲੋਕ ਸਭਾ ਹਲਕਾ 04-ਜਲੰਧਰ ਦੀ ਚੋਣ ਲਈ 1 ਜੂਨ ਨੂੰ ਪਈਆਂ ਵੋਟਾਂ ਦੀ ਕੱਲ 4 ਜੂਨ ਨੂੰ ਹੋਣ ਵਾਲੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਾਊਂਟਿੰਗ ਆਬਜ਼ਰਵਰ ਸ੍ਰੀ ਜੇ. ਮੇਘਨਾਥ ਰੈਡੀ, ਸ੍ਰੀ ਸ਼ੈਲੇਂਦਰਨ ਪੀ, ਸ੍ਰੀ ਜੈ ਪ੍ਰਕਾਸ਼ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਦੀ ਨਿਗਰਾਨੀ ਹੇਠ ਗਿਣਤੀ ਅਮਲੇ ਦੀ ਦੂਜੀ ਰੈਂਡਮਾਈਜ਼ੇਸ਼ਨ ਕਰਵਾਈ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੀ ਰੈਂਡਮਾਈਜ਼ੇਸ਼ਨ ਉਪਰੰਤ ਕਾਊਂਟਿੰਗ ਪਾਰਟੀਆਂ ਨੂੰ ਵਿਧਾਨ ਸਭਾ ਹਲਕੇ ਅਲਾਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗਿਣਤੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰੇਕ ਗਿਣਤੀ ਕੇਂਦਰ ‘ਤੇ 20 ਕਾਊਂਟਿੰਗ ਪਾਰਟੀਆਂ (ਰਿਜ਼ਰਵ ਸਮੇਤ) ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਕ ਕਾਊਂਟਿੰਗ ਪਾਰਟੀ ਵਿੱਚ ਇਕ ਕਾਊਂਟਿੰਗ ਸੁਪਰਵਾਈਜ਼ਰ, ਇਕ ਕਾਊਂਟਿੰਗ ਸਹਾਇਕ ਅਤੇ ਇਕ ਮਾਈਕਰੋ ਆਬਜ਼ਰਵਰ ਹੁੰਦਾ ਹੈ। ਡਾ. ਅਗਰਵਾਲ ਨੇ ਇਹ ਵੀ ਦੱਸਿਆ ਕਿ ਹਰੇਕ ਵਿਧਾਨ ਸਭਾ ਹਲਕੇ ਲਈ ਇਕ ਗਿਣਤੀ ਹਾਲ ਬਣਾਇਆ ਗਿਆ ਹੈ ਅਤੇ ਹਰੇਕ ਹਾਲ ਵਿੱਚ 14 ਕਾਊਂਟਿੰਗ ਟੇਬਲ ਹੋਣਗੇ। ਉਨ੍ਹਾਂ ਦੱਸਿਆ ਕਿ ਇਲੈਕਟ੍ਰਾਨਿਕਲੀ ਟਰਾਂਸਮਿਟਿਡ ਪੋਸਟਲ ਬੈਲਟ ਸਿਸਟਮ (ਈ.ਟੀ.ਪੀ.ਬੀ.ਐਸ.) ਅਤੇ ਪੋਸਟਲ ਬੈਲਟਸ ਦੀ ਗਿਣਤੀ ਲਈ ਵੱਖਰਾ ਸਟਾਫ਼ ਤਾਇਨਾਤ ਕਰਨ ਤੋਂ ਇਲਾਵਾ ਸਮੁੱਚੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਦੇ ਕਾਰਜ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਿਣਤੀ ਅਮਲੇ ਨੂੰ ਵਿਸਥਾਰਪੂਰਵਕ ਸਿਖ਼ਲਾਈ ਪਹਿਲਾਂ ਹੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਿਣਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਸਿਰੇ ਚਾੜ੍ਹਨ ਦੀ ਵਚਨਬੱਧਤਾ ਦਹੁਰਾਉਂਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ, ਸਟੇਟ ਪਟਵਾਰ ਸਕੂਲ, ਦਫ਼ਤਰ, ਡਾਇਰੈਕਟਰ ਲੈਂਡ ਰਿਕਾਰਡ ਸੁਸਾਇਟੀ ਅਤੇ ਸਰਕਾਰੀ ਸਪੋਰਟਸ ਸਕੂਲ ਹੋਸਟਲ ਵਿਖੇ ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ, ਜਿਥੇ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਡੀ.ਆਈ.ਓ. ਰਣਜੀਤ ਸਿੰਘ, ਚੋਣ ਤਹਿਸੀਲਦਾਰ ਸੁਖਦੇਵ ਸਿੰਘ ਆਦਿ ਵੀ ਮੌਜੂਦ ਸਨ।