06/22/2024 11:59 PM

ਡੈਮ ‘ਚ ਨਹਾਉਣ ਗਏ ਮੁੰਡੇ ਦੀ ਡੁੱਬਣ ਕਾਰਨ ਮੌਤ, ਮਾਪਿਆਂ ਦਾ ਰੋ-ਰੋ ਬੁਰਾ ਹਾਲ

ਪੰਚਕੂਲਾ ਜ਼ਿਲ੍ਹੇ ਦੇ ਰਾਏਪੁਰ ਰਾਣੀ ਦੇ ਪਿੰਡ ਮੰਡਪਾ ਵਿੱਚ ਸਥਿਤ ਬੰਨ੍ਹ ਵਿੱਚ ਡੁੱਬਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ 17 ਸਾਲਾ ਸ਼ੋਏਬ ਪੁੱਤਰ ਜਮੀਲ ਖਾਨ ਵਾਸੀ ਸਮਲੇਹੜੀ ਵਜੋਂ ਹੋਈ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ‘ਚ ਮਾਤਮ ਛਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਆਪਣੇ ਚਾਰ ਦੋਸਤਾਂ ਨਾਲ ਮੰਡਪਾ ਡੈਮ ‘ਤੇ ਨਹਾਉਣ ਗਿਆ ਸੀ। ਦੱਸਿਆ ਜਾ ਰਿਹਾ ਹੈ ਨੌਜਵਾਨ ਨੂੰ ਤੈਰਨਾ ਨਹੀਂ ਆਉਂਦਾ ਸੀ। ਨਹਾਉਂਦੇ ਸਮੇਂ ਸ਼ੋਏਬ ਡੂੰਘੇ ਪਾਣੀ ਵਿੱਚ ਚਲਾ ਗਿਆ। ਡੂੰਘੇ ਪਾਣੀ ‘ਚ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਆਸਪਾਸ ਦੇ ਇਲਾਕੇ ‘ਚ ਸਨਸਨੀ ਫੈਲ ਗਈ। ਇਸ ਤੋਂ ਬਾਅਦ ਮਾਮਲੇ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਡੈਮ ਵਿੱਚ ਇੱਕ ਬੱਚੇ ਦੇ ਡੁੱਬਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਅਤੇ ਐਨਡੀਆਰਐਫ ਦੀ ਟੀਮ ਮੌਕੇ ਤੇ ਪਹੁੰਚੀ। ਨੌਜਵਾਨ ਦੀ ਮੌਤ ਤੋਂ ਬਾਅਦ ਐਨਡੀਆਰਐਫ ਟੀਮ ਅਤੇ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ 4 ਘੰਟੇ ਬਾਅਦ ਲਾਸ਼ ਨੂੰ ਡੈਮ ਤੋਂ ਬਾਹਰ ਕੱਢਿਆ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੈਕਟਰ 6 ਪੰਚਕੂਲਾ ਭੇਜ ਦਿੱਤਾ।