ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮੇਰਾ ਫੋਨ 24 ਘੰਟੇ ਖੁੱਲ੍ਹਾ ਰਹਿੰਦਾ ਹੈ। ਉਨ੍ਹਾਂ ਨੂੰ ਫੋਨ ਕਰਕੇ ਕੋਈ ਵੀ ਜਾਣਕਾਰੀ ਲਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕੋਈ ਵੀ ਜਾਣਕਾਰੀ ਚਾਹੀਦੀ ਹੈ ਤਾਂ ਉਨ੍ਹਾਂ ਨੂੰ ਫੋਨ ਕਰ ਲਵੇ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ ਲਾਇਆ ਸੀ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਸਰਕਾਰ ਦੇ ਆਖਰੀ ਦਿਨਾਂ ਦੌਰਾਨ ਕਈ ਅਜਿਹੇ ਫੈਸਲੇ ਲਏ, ਜਿਨ੍ਹਾਂ ਕਰਕੇ ਮੌਜੂਦਾ ਸਰਕਾਰ ਸਾਹਮਣੇ ਸੰਕਟ ਖੜ੍ਹਾ ਹੋ ਗਿਆ ਹੈ। ਉਨ੍ਹਾਂ ਕਿਹਾ ਸੀ ਕਿ ਸਰਕਾਰ, ਚੰਨੀ ਤੋਂ ਜਾਣਨਾ ਚਾਹੁੰਦੀ ਹੈ ਆਖਰੀ ਦਿਨਾਂ ਦੌਰਾਨ ਲਏ ਗਏ ਫੈਸਲੇ ਕਿਉਂ ਤੇ ਕਿਵੇਂ ਲਏ ਗਏ ਤੇ ਇਨ੍ਹਾਂ ਦਾ ਨਿਪਟਾਰਾ ਕਿਵੇਂ ਕੀਤਾ ਜਾਵੇ।
ਉਨ੍ਹਾਂ ਕਿਹਾ ਸੀ ਕਿ ਸਾਬਕਾ ਮੁੱਖ ਮੰਤਰੀ ਦਾ ਕੋਈ ਖੁਰਾ-ਖੋਜ ਨਹੀਂ ਲੱਭ ਰਿਹਾ….ਕਾਂਗਰਸ ਪਾਰਟੀ ਹੀ ਦੱਸ ਦੇਵੇ ਕਿ ਉਸ ਦਾ ਸਾਬਕਾ ਮੁੱਖ ਮੰਤਰੀ ਤੇ ਲੰਘੀਆਂ ਚੋਣਾਂ ਦੌਰਾਨ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਇਸ ਸਮੇਂ ਕਿੱਥੇ ਹੈ? ਇਸ ਦੌਰਾਨ ਕਾਂਗਰਸ ਦੇ ਦੋ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਪਰਗਟ ਸਿੰਘ ਸਮੇਤ ਆਜ਼ਾਦ ਵਿਧਾਇਕ ਰਾਣਾ ਇੰਦਰ ਸਿੰਘ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਗੈਰਹਾਜ਼ਰ ਰਹੇ। ਪਰਗਟ ਸਿੰਘ ਅੱਜਕੱਲ੍ਹ ਵਿਦੇਸ਼ ਗਏ ਹੋਏ ਹਨ।