ਅਮਰੀਕਾ ਇਸ ਸਮੇਂ ਆਪਣੇ ਹੀ ਦੇਸ਼ ਵਿੱਚ ਹਥਿਆਰਾਂ ਦੀ ਦੁਰਵਰਤੋਂ ਨੂੰ ਲੈ ਕੇ ਚਿੰਤਤ ਹੈ। ਹੁਣ ਇੱਕ ਵਾਰ ਫਿਰ ਅਜਿਹੀ ਹੀ ਘਟਨਾ ਅਮਰੀਕਾ ਦੇ ਕੈਲੀਫੋਰਨੀਆ ਤੋਂ ਸਾਹਮਣੇ ਆਈ ਹੈ, ਜਿੱਥੇ ਇੱਕ ਵਾਰ ਫਿਰ ਸਕੂਲੀ ਬੱਚਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ।
ਦੱਸਿਆ ਜਾ ਰਿਹਾ ਹੈ ਕਿ ਇੱਕ ਸ਼ੱਕੀ ਵਿਅਕਤੀ ਨੇ ਸਕੂਲ ਵਿੱਚ ਗੋਲੀਬਾਰੀ ਕੀਤੀ।ਇਹ ਗੋਲੀਬਾਰੀ ਓਕਲੈਂਡ ਇਲਾਕੇ ਵਿੱਚ ਹੋਈ, ਜਿੱਥੇ ਇਹ ਸਕੂਲ ਮੌਜੂਦ ਹੈ। ਇਸ ਗੋਲੀਬਾਰੀ ਦੀ ਘਟਨਾ ‘ਚ ਕਈ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ, ਹਾਲਾਂਕਿ ਅਜੇ ਤੱਕ ਕਿਸੇ ਦੇ ਮਾਰੇ ਜਾਣ ਦੀ ਸੂਚਨਾ ਨਹੀਂ ਮਿਲੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ। ਇਸ ਗੋਲੀਬਾਰੀ ‘ਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਜ਼ਖ਼ਮੀਆਂ ਦੀ ਗਿਣਤੀ 5 ਤੋਂ ਵੱਧ ਦੱਸੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਸਾਰੇ 6 ਲੋਕਾਂ ਨੂੰ ਗੋਲੀ ਲੱਗੀ ਹੈ, ਜਿਨ੍ਹਾਂ ‘ਚੋਂ 3 ਗੰਭੀਰ ਰੂਪ ‘ਚ ਜ਼ਖ਼ਮੀ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਲਾਂਕਿ ਜ਼ਖ਼ਮੀ ਹੋਏ ਲੋਕਾਂ ਵਿਚ ਕੋਈ ਵੀ ਸਕੂਲੀ ਬੱਚਾ ਸ਼ਾਮਲ ਨਹੀਂ ਸੀ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਹਮਲੇ ਪਿੱਛੇ ਕਿਸ ਦਾ ਹੱਥ ਹੈ।
ਇਸ ਸਾਲ ਮਾਰੇ ਗਏ 96 ਲੋਕ
ਦੱਸ ਦੇਈਏ ਕਿ ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਰਾਸ਼ਟਰਪਤੀ ਜੋਅ ਬਾਇਡਨ ਇਸ ਸਬੰਧੀ ਕਾਨੂੰਨ ਵੀ ਲੈ ਕੇ ਆਏ ਹਨ ਪਰ ਇਸ ਦਾ ਬਹੁਤਾ ਅਸਰ ਹੁੰਦਾ ਨਜ਼ਰ ਨਹੀਂ ਆ ਰਿਹਾ। ਦ ਗਾਰਡੀਅਨ ਦੀ ਰਿਪੋਰਟ ਮੁਤਾਬਕ ਇਸ ਸਾਲ ਅਮਰੀਕਾ ਵਿੱਚ 96 ਲੋਕ ਮਾਰੇ ਗਏ ਹਨ। ਜਿਨ੍ਹਾਂ ਵਿੱਚ ਜ਼ਿਆਦਾਤਰ ਗੋਲੀਬਾਰੀ ਦੀਆਂ ਘਟਨਾਵਾਂ ਸ਼ਾਮਲ ਹਨ। ਇਸ ਰਿਪੋਰਟ ਦੇ ਅਨੁਸਾਰ 2020 ਵਿੱਚ 14 ਅਜਿਹੇ ਲੋਕਾਂ ਦੀ ਮੌਤ ਹੋ ਗਈ ਜਿਨ੍ਹਾਂ ਦੀ ਉਮਰ 20 ਸਾਲ ਤੋਂ ਘੱਟ ਸੀ।
ਗਨ ਕਲਚਰ ਤੋਂ ਲੋਕ ਪ੍ਰੇਸ਼ਾਨ
ਅਮਰੀਕਾ ਵਿਚ ਗਨ ਕਲਚਰ ਹਮੇਸ਼ਾ ਚਰਚਾ ਦਾ ਵਿਸ਼ਾ ਰਿਹਾ ਹੈ। ਸਾਬਕਾ ਰਾਸ਼ਟਰਪਤੀ ਟਰੰਪ ਸਮੇਤ ਇਸ ਦਾ ਸਮਰਥਨ ਕਰਨ ਵਾਲਾ ਵੱਡਾ ਵਰਗ ਹੈ। ਜਦਕਿ ਮੌਜੂਦਾ ਪ੍ਰਧਾਨ ਇਸ ਦੇ ਖਿਲਾਫ ਹਨ। ਉਨ੍ਹਾਂ ਨੇ ਹਾਲ ਹੀ ‘ਚ ਗਨ ਕੰਟਰੋਲ ਬਿੱਲ ‘ਤੇ ਦਸਤਖਤ ਕੀਤੇ ਹਨ।
ਬਾਇਡਨ ਨੇ ਕਿਹਾ ਸੀ ਕਿ ਲੋਕਾਂ ਦੀ ਜਾਨ ਬਚਾਉਣ ਲਈ ਇਹ ਜ਼ਰੂਰੀ ਹੈ। ਲੰਬੇ ਸਮੇਂ ਤੋਂ ਇਸ ਕਾਨੂੰਨ ਦੀ ਮੰਗ ਕੀਤੀ ਜਾ ਰਹੀ ਸੀ। ਕਾਨੂੰਨ ਦੇ ਤਹਿਤ ਜਿਨ੍ਹਾਂ ਲੋਕਾਂ ਕੋਲ ਖਤਰਨਾਕ ਹਥਿਆਰਾਂ ਦਾ ਲਾਇਸੈਂਸ ਹੈ, ਉਨ੍ਹਾਂ ਦੀ ਜਾਂਚ ਕੀਤੀ ਜਾਵੇਗੀ। ਨਾਲ ਹੀ ਅਸਲਾ ਹਥਿਆਰ ਵਾਪਸ ਲੈਣ ਦੀ ਗੱਲ ਵੀ ਹੋਈ ਸੀ।