ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ। ਇਸ ਮੌਕੇ ਉਹਨਾਂ ਕਿਹਾ ਕਿ ਅੱਜ ਦੀਨ ਦੁਨੀਆ ਦੇ ਵਾਲੀ ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਹੈ, ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਨੂੰ ਸਮੁੱਚੇ ਗੁਰੂ ਖਾਲਸਾ ਪੰਥ ਨੂੰ ਇਸ ਮਹਾਨ ਪੁਰਬ ਦੀਆਂ ਬਹੁਤ ਬਹੁਤ ਵਧਾਈਆਂ। ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਜੀ ਐਸੀ ਮਹਾਨ ਪਾਵਨ ਪਵਿੱਤਰ ਹਸਤੀ ਸਨ ਜਿਨ੍ਹਾਂ ਦਾ ਹਿਰਦਾ ਬਹੁਤ ਕੋਮਲ ਸੀ।
ਧੰਨ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੂੰ ਗੁਰਿਆਈ ਦੀ ਬਖਸ਼ਿਸ਼ ਕੀਤੀ। ਇਹਨਾਂ ਦੇ ਕੋਮਲ ਹਿਰਦੇ ਨੂੰ ਵੇਖਦੇਆਂ ਇਹਨਾਂ ਦੀ ਭਜਨ ਬੰਦਗੀ ਤੇ ਸੇਵਾ ਸਿਮਰਨ ਦੇ ਪ੍ਰਤਾਪ ਨੂੰ ਵੇਖਦਿਆਂ ਇਹਨਾਂ ਉੱਤੇ ਬਹੁਤ ਵੱਡੀ ਬਖਸ਼ਿਸ਼ ਕੀਤੀ। ਧੰਨ ਗੁਰੂ ਹਰਿਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਜੀ ਦੇ ਮਹਾਨ ਉਪਦੇਸ਼ ਅੱਜ ਵੀ ਸਾਰਥਿਕ ਹਨ ਤੇ ਜੁਗਾਂ ਜੁਗਾਂ ਤੱਕ ਸਾਰਥਕ ਰਹਿਣਗੇ।
ਸ੍ਰੀ ਕੀਰਤਪੁਰ ਸਾਹਿਬ ਦੀ ਪਾਵਨ ਧਰਤੀ ਦੇ ਉੱਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਜੀ ਨੇ ਮਹਾਨ ਬਾਣੀ ਦਾ ਉਪਦੇਸ਼ ਦਿੱਤਾ ਤੇ ਸੇਵਾ ਸਿਮਰਨ ਦਾ ਉਪਦੇਸ਼ ਦਿੱਤਾ। ਦਿੱਲੀ ਦੇ ਵਿੱਚ ਵੀ ਜਾ ਕੇ ਉਹਨਾਂ ਨੇ ਸਿੱਖ ਸੰਗਤ ਨੂੰ ਇੱਕ ਅਕਾਲ ਪੁਰਖ ਨਾਲ ਜੁੜਨ ਦੇ ਲਈ ਨਾਮ ਬਾਣੀ ਨਾਲ ਜੋੜਨ ਦਾ ਉਪਦੇਸ਼ ਦਿੱਤਾ। ਆਖਿਰ ਦਿੱਲੀ ਦੇ ਵਿੱਚ ਹੀ 1664 ਦੇ ਵਿੱਚ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨਨ ਸਾਹਿਬ ਸੱਚੇ ਪਾਤਸ਼ਾਹ ਧੰਨ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਗੁਰਿਆਈ ਦੀ ਦਾਤ ਬਖਸ਼ਿਸ਼ ਕਰਕੇ ਜੋਤੀ ਜੋਤ ਸਮਾ ਗਏ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਜੀ ਦੇ ਘਰ 1656 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਸ੍ਰੀ ਗੁਰੂ ਹਰਕ੍ਰਿਸ਼ਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਸਿੱਖ ਗੁਰੂਆਂ ਵਿੱਚੋਂ ਸਭ ਤੋਂ ਛੋਟੀ ਉਮਰ ਦੇ ਗੁਰੂ ਹੋਏ ਹਨ। ਆਪ ਪੰਜ ਸਾਲ ਦੀ ਉਮਰ ਵਿੱਚ 1661 ਨੂੰ ਗੁਰਗੱਦੀ ਤੇ ਬਿਰਾਜਮਾਨ ਹੋਏ ਤੇ ਤਿੰਨ ਸਾਲ ਗੁਰਗੱਦੀ ਦੇ ਸਮੇਂ ਦੌਰਾਨ ਆਪਣੇ ਆਪ ਨੂੰ ਯੋਗ ਸਾਬਤ ਕੀਤਾ।