ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਨਾਲ ਰਲ ਕੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਤੇ ਇਸਦੇ ਕਾਨੂੰਨੀ ਤੇ ਸੰਵਿਧਾਨਕ ਹੱਕ ਨੂੰ ਖੋਰ੍ਹਾ ਲਾਉਣ ਲਈ ਕੰਮ ਕਰ ਰਹੀ ਹੈ।
ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਇਕ ਥਾਂ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਬਦਲਵੇਂ ਤੌਰ ’ਤੇ ਦੇਣ ਦੀ ਕੇਂਦਰ ਦੀ ਤਜਵੀਜ਼ ਦਾ ਜ਼ੋਰਦਾਰ ਵਿਰੋਧ ਕਰਦਿਆਂ ਪਾਰਟੀ ਨੇ ਕਿਹਾ ਕਿ ਚੰਡੀਗੜ੍ਹ ਦੀ ਇਕ ਇੰਚ ਥਾਂ ਵੀ ਨਾ ਤਾਂ ਹਰਿਆਣਾ ਨੂੰ ਦੇਣ ਦਿੱਤੀ ਜਾਵੇਗੀ ਤੇ ਨਾ ਹੀ ਇਸਦਾ ਵਟਾਂਦਰਾ ਕਰਨ ਦਿੱਤਾ ਜਾਵੇਗਾ ਕਿਉਂਕਿ ਸਾਰੀ ਰਾਜਧਾਨੀ ਪੰਜਾਬ ਦੀ ਹੈ। ਇਹ ਗੱਲ ਸੰਸਦ ਦੇ ਦੋਵਾਂ ਸਦਨਾਂ ਨੇ ਵੀ ਮੰਨੀ ਹੈ ਤੇ ਸਮੇਂ ਦੀਆਂ ਕੇਂਦਰ ਸਰਕਾਰਾਂ ਨੇ ਵੀ ਮੰਨੀ ਹੈ। ਹਰਿਆਣਾ ਵੀ ਪੰਜਾਬ ਸਮਝੌਤੇ ਤਹਿਤ ਚੰਡੀਗੜ੍ਹ ਪੰਜਾਬ ਹਵਾਲੇ ਕਰਨ ਲਈ ਪਾਬੰਦ ਹੈ।
ਇਹ ਪ੍ਰਗਆਵਾ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ ਤੇ ਹਰਚਰਨ ਸਿੰਘ ਬੈਂਸ ਵੀ ਪ੍ਰੈਸ ਕਾਨਫਰੰਸ ਵਿਚ ਮੌਜੂਦ ਸਨ। ਇਹ ਪ੍ਰੈਸ ਕਾਨਫਰੰਸ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਤੋਂ ਬਾਅਦ ਕੀਤੀ ਗਈ।
ਇਕ ਅਹਿਮ ਫੈਸਲਾ ਇਹ ਲਿਆ ਗਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦਾ ਉੱਚ ਪੱਧਰੀ ਵਫਦ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰੇਗਾ ਤੇ ਉਹਨਾਂ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਸਰਕਾਰਵੱਲੋਂ 10 ਏਕੜ ਥਾਂ ਅਲਾਟ ਕਰਨ ਦੀ ਕੀਤੀ ਮੰਗ ਰੱਦ ਕਰਨ ਦੀ ਅਪੀਲ ਕਰੇਗਾ।