ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੇ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਤਿਆਰੀ ਹੈ। ਸੂਤਰਾਂ ਮੁਤਾਬਕ ਭਗਵੰਤ ਮਾਨ ਸਰਕਾਰ ਵਿਚ ਦੋ ਮੰਤਰੀਆਂ ਦੀ ਛੁੱਟੀ ਲਗਭਗ ਤੈਅ ਮੰਨੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ‘ਤੇ ਅੱਠ ਮਹੀਨਿਆਂ ਤੋਂ ਮੰਤਰੀਆਂ ਦੇ ਕੰਮਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ, ਜੋ ਲਗਭਗ ਪੂਰਾ ਹੋ ਗਈ ਹੈ। ਇਸ ਕਾਰਨ ਦੋ ਮੰਤਰੀਆਂ ’ਤੇ ਤਲਵਾਰ ਲਟਕ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਮੰਤਰੀ ਮੰਡਲ ‘ਚ ਫੇਰਬਦਲ ਕਰ ਸਕਦੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਆਪਣੀ ਕੈਬਨਿਟ ਵਿਚੋਂ ਦੋ ਮੰਤਰੀਆਂ ਦੀ ਛੁੱਟੀ ਕਰਕੇ ਦੋ ਨਵੇਂ ਚਿਹਰੇ ਲਿਆ ਸਕਦੇ ਹਨ। ਸਰਕਾਰ ਦੀ ਇੱਕ ਮਹਿਲਾ ਮੰਤਰੀ ਵੀ ਘੇਰੇ ਵਿਚ ਆ ਸਕਦੀ ਹੈ। ਪਾਰਟੀ ਇੱਕ ਮਹਿਲਾ ਮੰਤਰੀ ਦੀ ਕਾਰਗੁਜ਼ਾਰੀ ਤੋਂ ਬਹੁਤੀ ਖੁਸ਼ ਨਹੀਂ ਹੈ। ਪਾਰਟੀ ਦੀ ਕਾਰਜਕਾਰਨੀ ਦੀ ਮੀਟਿੰਗ ਵੀ ਇਸੇ ਹਫ਼ਤੇ ਦਿੱਲੀ ਵਿੱਚ ਹੋਣੀ ਹੈ ਅਤੇ ਉੱਥੇ ਵੀ ਮੰਤਰੀ ਮੰਡਲ ਦੇ ਫੇਰਬਦਲ ’ਤੇ ਅੰਤਿਮ ਮੋਹਰ ਲੱਗ ਜਾਵੇਗੀ।
ਮੰਤਰੀ ਮੰਡਲ ‘ਚ ਫੇਰਬਦਲ ਦੇ ਨਾਲ-ਨਾਲ ਕੁਝ ਮੰਤਰੀਆਂ ਦੇ ਵਿਭਾਗਾਂ ‘ਚ ਵੀ ਫੇਰਬਦਲ ਕੀਤਾ ਜਾ ਸਕਦਾ ਹੈ। ਕੁਝ ਮੰਤਰੀਆਂ ਨੂੰ ਆਪਣੇ ਪੁਰਾਣੇ ਵਿਭਾਗ ਵਾਪਸ ਮਿਲ ਸਕਦੇ ਹਨ, ਜਦੋਂ ਕਿ ਕੁਝ ਤੋਂ ਵਾਧੂ ਵਿਭਾਗ ਲਏ ਜਾ ਸਕਦੇ ਹਨ ਅਤੇ ਨਵੇਂ ਮੰਤਰੀਆਂ ਨੂੰ ਸੌਂਪੇ ਜਾ ਸਕਦੇ ਹਨ।
ਇਸ ਵਾਰ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਵੱਡੇ ਥੰਮ੍ਹ ਡੇਗਣ ਵਾਲੇ ਵਿਧਾਇਕਾਂ ਨੂੰ ਕੈਬਨਿਟ ਵਿੱਚ ਥਾਂ ਮਿਲ ਸਕਦੀ ਹੈ। ਦੱਸ ਦਈਏ ਕਿ ਪੰਜਾਬ ਵਿੱਚ ਗੁਰਮੀਤ ਸਿੰਘ ਖੁੱਡੀਆਂ ਨੇ 5 ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ। ਇਸੇ ਤਰ੍ਹਾਂ ਅਜੀਤ ਪਾਲ ਸਿੰਘ ਕੋਹਲੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਦਕਿ ਲਾਭ ਸਿੰਘ ਉਗੋਕੇ ਅਤੇ ਡਾ. ਚਰਨਜੀਤ ਸਿੰਘ ਨੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕ੍ਰਮਵਾਰ ਭਦੌੜ ਅਤੇ ਚਮਕੌਰ ਸਾਹਿਬ ਹਲਕਿਆਂ ਤੋਂ ਹਰਾਇਆ ਸੀ।
ਇਨ੍ਹਾਂ ਤੋਂ ਇਲਾਵਾ ਡਾ. ਜੀਵਨ ਜੋਤ ਕੌਰ ਨੇ ਅੰਮ੍ਰਿਤਸਰ (ਪੂਰਬੀ) ਤੋਂ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਨੂੰ, ਜਗਦੀਪ ਸਿੰਘ ਗੋਲਡੀ ਕੰਬੋਜ ਹਲਕਾ ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ ਨੂੰ ਹਰਾਇਆ ਸੀ।