ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟਾਂ, ਬਾਇਓਮਾਸ ਪਾਵਰ ਪ੍ਰੋਜੈਕਟਾਂ, ਬਾਇਓ-ਈਥਾਨੌਲ ਪ੍ਰੋਜੈਕਟ ਡਿਵੈਲਪਰਾਂ ਅਤੇ ਆਪਣੇ ਉਦਯੋਗਾਂ ਵਿੱਚ ਝੋਨੇ ਦੀ ਪਰਾਲੀ ਦੀ ਵਰਤੋਂ ਕਰਨ ਵਾਲੇ ਉਦਯੋਗਪਤੀਆਂ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਕਿਹਾ ਕਿ ਵੱਖ ਵੱਖ ਉਦਯੋਗਾਂ ਵਿੱਚ ਝੋਨੇ ਦੀ ਪਰਾਲੀ ਦਾ ਨਿਪਟਾਰਾ ਕਰਨ ਵਾਲੇ ਡਿਵੈਲਪਰ/ਉਦਯੋਗਪਤੀ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਉਨ੍ਹਾਂ ਨੇ ਸਨਅਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਪਰਾਲੀ ਦੀ ਵਰਤੋਂ ਨਾਲ ਬਿਜਲੀ ਪੈਦਾ ਕਰਨ ਵਾਲੇ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਬਾਇਓਮਾਸ ਪਾਵਰ ਪ੍ਰੋਜੈਕਟਾਂ ਵਿੱਚ ਪੈਦਾ ਹੋਣ ਵਾਲੀ ਸਾਰੀ ਬਿਜਲੀ ਦੀ ਖਰੀਦ ਕਰਨ ਦੀ ਕੋਸ਼ਿਸ਼ ਕਰੇਗੀ। ਉਹਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਸੂਬਾ ਸਰਕਾਰ ਵੱਲੋਂ ਸੀ.ਈ.ਆਰ.ਸੀ./ਪੀ.ਐੱਸ.ਈ.ਆਰ.ਸੀ. ਵੱਲੋਂ ਨੋਟੀਫਾਈਡ ਟੈਰਿਫ ਅਤੇ ਬਾਇਓਮਾਸ ਪਾਵਰ ਪ੍ਰੋਜੈਕਟਾਂ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਨਿਰਧਾਰਤ ਟੈਰਿਫ ਦਰਮਿਆਨ ਅੰਤਰ ਨੂੰ ਪੂਰਨ ਲਈ ਵਿਵਹਾਰਕਤਾ ਗੈਪ ਫੰਡਿੰਗ ਪ੍ਰਦਾਨ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਕੁਝ ਉਦਯੋਗਪਤੀਆਂ ਨੇ ਖੇਤੀਬਾੜੀ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤਾਂ, ਵਣਜ ਅਤੇ ਉਦਯੋਗ, ਪੇਡਾ, ਪੀਏਯੂ, ਬਿਜਲੀ ਵਿਭਾਗ ਅਤੇ ਪ੍ਰਦੂਸ਼ਣ ਬੋਰਡ ਨਾਲ ਸਬੰਧਿਤ ਕੁਝ ਮੁੱਦੇ ਅਤੇ ਸਮੱਸਿਆਵਾਂ ਉਠਾਈਆਂ। ਮੁੱਖ ਸਕੱਤਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਮੁੱਖ ਸਕੱਤਰ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਉਦਯੋਗਪਤੀ ਨੂੰ ਵੱਖ-ਵੱਖ ਵਿਭਾਗਾਂ ਤੋਂ ਕਲੀਅਰੈਂਸ ਅਤੇ ਐਨ.ਓ.ਸੀ. ਲੈਣ ਵਿੱਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ (ਨਿਵੇਸ਼ ਪੰਜਾਬ) ਦੀ ਸਿੰਗਲ ਵਿੰਡੋ ਰਾਹੀਂ ਜਲਦ ਕਲੀਅਰੈਂਸ/ਪ੍ਰਵਾਨਗੀਆਂ ਲਈ ਪ੍ਰਮੁੱਖ ਸਕੱਤਰ, ਵਣਜ ਅਤੇ ਉਦਯੋਗ ਨਾਲ ਸੰਪਰਕ ਕਰ ਸਕਦੇ ਹਨ। ਮੁੱਖ ਸਕੱਤਰ ਨੇ ਡਿਵੈਲਪਰਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਡਿਵੈਲਪਰਾਂ ਨੂੰ ਬਿਨਾਂ ਕਿਸੇ ਝਿਜਕ ਦੇ ਸਬੰਧਤ ਵਿਭਾਗਾਂ ਅਤੇ ਉਨ੍ਹਾਂ ਦੇ ਦਫ਼ਤਰ ਤੱਕ ਪਹੁੰਚ ਕਰਨ ਲਈ ਕਿਹਾ।