ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਪਰਪਿਤ ਸ਼ਹੀਦੀ ਜੋੜ ਮੇਲ ਦੇ ਅੱਜ ਦੂਜੇ ਦਿਨ 22 ਦਸੰਬਰ ਨੂੰ ਸਿਆਸੀ ਕਾਨਫਰੰਸਾਂ ਹੋਣਗੀਆਂ। ਅੱਜ ਸਿਆਸੀ ਲੀਡਰ ਇੱਥੇ ਪਹੁੰਚਣਗੇ ਤੇ ਆਪਣੀਆਂ-ਆਪਣੀਆਂ ਕਾਨਫਰੰਸਾਂ ਨੂੰ ਸੰਬੋਧਨ ਕਰਨਗੇ। ਇਹ ਜੋੜ ਮੇਲ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਤੇ ਜੁਝਾਰ ਸਿੰਘ ਤੇ ਚਮਕੌਰ ਸਾਹਿਬ ਦੇ ਮੁਗਲ ਸਾਮਰਾਜ ਨਾਲ ਹੋਏ ਇਤਿਹਾਸਕ ਯੁੱਧ ਵਿੱਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਲੱਗਦਾ ਹੈ।
ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਨੱਥਾ ਸਿੰਘ ਨੇ ਦੱਸਿਆ ਕਿ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸਿੰਘ ਸਾਹਿਬਾਨਾਂ ਸਮੇਤ ਹੋਰ ਅਕਾਲੀ ਦਲ ਦੇ ਆਗੂ ਪਹੁੰਚਣਗੇ। ਕਾਂਗਰਸ ਪਾਰਟੀ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸ਼੍ਰੋਮਣੀ ਅਕਾਲੀ ਦਲ (1920) ਦੇ ਪ੍ਰਧਾਨ ਸਾਬਕਾ ਸਪੀਕਰ ਰਵੀਇੰਦਰ ਸਿੰਘ ਰਵੀ, ਜਦਕਿ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੀ ਆਪਣੀ ਵੱਖਰੀ ਸਟੇਜ ਲਾਉਣਗੇ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਤੇ ਡੀਐਸਪੀ ਜਰਨੈਲ ਸਿੰਘ ਤੇ ਥਾਣਾ ਮੁਖੀ ਰੁਪਿੰਦਰ ਸਿੰਘ ਖ਼ੁਦ ਸਮਾਗਮ ਦੀ ਨਿਗਰਾਨੀ ਕਰ ਰਹੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਰ ਸਾਲ ਵਾਂਗ ਇਸ ਸਾਲ ਵੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਤੇ ਚਮਕੌਰ ਦੀ ਕੱਚੀ ਗੜ੍ਹੀ ਦੇ ਸਮੂਹ ਸ਼ਹੀਦ ਸਿੰਘਾਂ ਨੂੰ ਸਿਜਦਾ ਕਰਨ ਲਈ ਆਪਣੀ ਮੋਰਿੰਡਾ ਸਥਿਤ ਰਿਹਾਇਸ਼ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪੈਦਲ ਯਾਤਰਾ ਕੀਤੀ ਤੇ ਚਮਕੌਰ ਦੀ ਗੜ੍ਹੀ ਦੇ ਸਮੂਹ ਸ਼ਹੀਦ ਸਿੰਘਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਦੇ ਪਰਿਵਾਰਕ ਮੈਂਬਰ ਤੇ ਵੱਡੀ ਗਿਣਤੀ ਸਮਰਥਕ ਵੀ ਹਾਜ਼ਰ ਸਨ।