ਜਲੰਧਰ(ਕੁਲਪ੍ਰੀਤ ਸਿੰਘ): ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਵਿੱਚ 2 ਜਨਵਰੀ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜਿਸ ਦੀ ਆਰੰਭਤਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਹੋਵੇਗੀ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਮਹਾਜਨ ਨੇ ਨਗਰ ਕੀਰਤਨ ਅਤੇ ਗੁਰਪੁਰਬ ਸਬੰਧੀ ਤਿਆਰੀਆਂ ਅਤੇ ਪ੍ਰਬੰਧਾਂ ਦੇ ਜਾਇਜ਼ੇ ਲਈ ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ ਅਤੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਪੁਖ਼ਤਾ ਸੁਰੱਖਿਆ ਪ੍ਰਬੰਧ ਅਤੇ ਸੁਚਾਰੂ ਟਰੈਫਿਕ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਗਰ ਕੀਰਤਨ ਦੇ ਪੂਰੇ ਰੂਟ ’ਤੇ ਸਫ਼ਾਈ ਪ੍ਰਬੰਧ ਅਤੇ ਮੁੱਖ ਥਾਵਾਂ ਤੇ ਚੌਂਕਾ ਦੇ ਸੁੰਦਰੀਕਰਨ ਦੇ ਨਿਰਦੇਸ਼ ਵੀ ਦਿੱਤੇ।
ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਨਗਰ ਕੀਰਤਨ ਦੇ ਰੂਟ ’ਤੇ 2 ਜਨਵਰੀ ਨੂੰ ਵੱਡੇ ਵਾਹਨਾਂ ਦੀ ਆਵਾਜਾਈ ਨੂੰ ਰੋਕਣ ਦੀ ਮੰਗ ’ਤੇ ਵਧੀਕ ਡਿਪਟੀ ਕਮਿਸ਼ਨਰ ਨੇ ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਸਬੰਧੀ ਅਗਾਊਂ ਪ੍ਰਬੰਧ ਅਮਲ ਵਿੱਚ ਲਿਆਉਣ ਤਾਂ ਜੋ ਨਗਰ ਕੀਰਤਨ ਵਾਲੇ ਦਿਨ ਵੱਡੇ ਵਹੀਕਲ ਰੂਟ ਦੇ ਰਾਹ ਵਿੱਚ ਨਾ ਆਉਣ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਗਰ ਕੀਰਤਨ ਅਤੇ ਪ੍ਰਕਾਸ਼ ਪੁਰਬ ਵਾਲੇ ਦਿਨ ਲੋੜੀਂਦੀਆਂ ਮੈਡੀਕਲ ਟੀਮਾਂ ਤਾਇਨਾਤ ਕਰਨ ਦੇ ਨਾਲ-ਨਾਲ ਦਵਾਈਆਂ ਅਤੇ ਐਂਬੂਲੈਂਸ ਦਾ ਇੰਤਜ਼ਾਮ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਦੋਵੇਂ ਦਿਨ ਸੁਚਾਰੂ ਬਿਜਲੀ ਸਪਲਾਈ ਦੇ ਨਿਰਦੇਸ਼ ਵੀ ਦਿੱਤੇ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਪੀਲ ਕੀਤੀ ਗਈ ਕਿ ਪ੍ਰਦੂਸ਼ਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਨਗਰ ਕੀਰਤਨ ਦੌਰਾਨ ਪਟਾਕੇ ਨਾ ਚਲਾਏ ਜਾਣ।
ਨਗਰ ਕੀਰਤਨ ਦਾ ਰੂਟ : ਵੱਖ-ਵੱਖ ਸਭਾਵਾਂ ਅਤੇ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੱਸਿਆ ਕਿ ਨਗਰ ਕੀਰਤਨ 2 ਜਨਵਰੀ ਨੂੰ ਸਵੇਰੇ 11 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਸ਼ੁਰੂ ਹੋ ਕੇ ਐਸ.ਡੀ.ਕਾਲਜ, ਭਾਰਤ ਸੋਡਾ ਵਾਟਰ, ਮੰਡੀ ਫੈਂਟੰਨਗੰਜ, ਗੁਰਦੁਆਰਾ ਦੀਵਾਨ ਅਸਥਾਨ, ਮਿਲਾਪ ਚੌਕ, ਫਗਵਾੜਾ ਗੇਟ, ਭਗਤ ਸਿੰਘ ਚੌਕ, ਪੰਜ ਪੀਰ, ਖਿੰਗਰਾ ਗੇਟ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅੱਡਾ ਹੁਸ਼ਿਆਰਪੁਰ, ਮਾਈ ਹੀਰਾਂ ਗੇਟ, ਬਸਤੀ ਅੱਡਾ, ਜੀ.ਟੀ.ਰੋਡ, ਜੋਤੀ ਚੌਂਕ, ਰੈਣਕ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਸੰਪਨ ਹੋਵੇਗਾ। ਮੀਟਿੰਗ ਦੌਰਾਨ ਐਸ.ਡੀ.ਐਮ. ਬਲਬੀਰ ਰਾਜ ਸਿੰਘ, ਨਗਰ ਨਿਗਮ ਦੇ ਜਾਇੰਟ ਕਮਿਸ਼ਨਰ ਸ਼ਿਖਾ ਭਗਤ, ਪਾਵਰਕਾਮ ਦੇ ਡਿਪਟੀ ਚੀਫ਼ ਇੰਜੀਨੀਅਰ ਇੰਦਰਪਾਲ ਸਿੰਘ ਤੋਂ ਇਲਾਵਾ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਸਿੰਘ ਸਭਾਵਾਂ ਤੋਂ ਜਗਜੀਤ ਸਿੰਘ ਗਾਬਾ, ਪਰਮਿੰਦਰ ਸਿੰਘ, ਗੁਰਿੰਦਰ ਸਿੰਘ, ਹਰਜਿੰਦਰ ਸਿੰਘ, ਕਮਲਜੀਤ ਸਿੰਘ, ਗੁਰਜੀਤ ਸਿੰਘ ਟੱਕਰ ਆਦਿ ਮੌਜੂਦ ਸਨ।