ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਇੱਕ ਫੈਸਲਾ ਲਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰ ਦਿੱਤਾ ਜਾਵੇਗਾ। ਕਿਸਾਨ ਅਤੇ ਪਿੰਡਾਂ ਦੇ ਲੋਕ ਲੰਮੇ ਸਮੇਂ ਤੋਂ ਜ਼ੀਰਾ ਸ਼ਰਾਬ ਫੈਕਟਰੀ ਦੇ ਖਿਲਾਫ ਸੰਘਰਸ਼ ਕਰ ਰਹੇ ਹਨ। ਜਿਸ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਘਿਰੀ ਹੋਈ ਸੀ।ਪਰ ਹੁਣ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਤਾਵਰਨ ਅਤੇ ਧਰਤੀ ਹੇਠਲੇ ਪਾਣੀ ਦੇ ਦੂਸ਼ਿਤ ਹੋਣ ਦਾ ਹਵਾਲਾ ਦੇ ਕੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਫੈਸਲਾ ਲੈ ਲਿਆ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕਿ ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਵੀ ਕੀਮਤ ਉੱਤੇ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ। ਇਸ ਕਰ ਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ‘ਚ ਇੱਕ ਵੱਡਾ ਫੈਸਲਾ ਲਿਆ ਹੈ। ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਨੇ ਤੇ ਭਵਿੱਖ ‘ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਬਖਸ਼ਿਆ ਨਹੀਂ ਜਾਵੇਗਾ।ਤੁਹਾਨੂੰ ਦੱਸ ਦਈਏ ਕਿ ਜ਼ੀਰਾ ਸ਼ਰਾਬ ਫੈਕਟਰੀ ਦਾ ਮਾਮਲਾ ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਿੱਚ ਸੁਣਵਾਈ ਅਧੀਨ ਹੈ।ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਇਸ ਸਬੰਧੀ ਜਵਾਬ ਵੀ ਤਲਬ ਕੀਤਾ ਹੈ।