ਸੁਨੀਲ ਜਾਖੜ ਤੇ ਪੰਜਾਬ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਹੋਰ ਕਾਂਗਰਸੀ ਆਗੂਆਂ ਤੋਂ ਬਾਅਦ ਹੁਣ ਮਨਪ੍ਰੀਤ ਸਿੰਘ ਬਾਦਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਨਵੀਂ ਸਿਆਸੀ ਚਰਚਾ ਚੱਲ ਪਈ ਹੈ। ਅਹਿਮ ਗੱਲ ਹੈ ਕਿ ਮਨਪ੍ਰੀਤ ਬਾਦਲ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨਾਲ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਮੁਲਾਕਾਤ ਕੀਤੀ ਸੀ। ਮਨਪ੍ਰੀਤ ਬਾਦਲ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ‘ਚ ਹਿੱਸਾ ਨਹੀਂ ਲਿਆ ਸੀ। ਫਿਰ ਕੱਲ੍ਹ 18 ਜਨਵਰੀ ਨੂੰ ਕਾਂਗਰਸ ਤੋਂ ਤੁਰੰਤ ਅਸਤੀਫਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ।
ਇਸ ਲਈ ਨਵਜੋਤ ਸਿੱਧੂ ਨੂੰ ਜੇਲ੍ਹ ਵਿੱਚ ਮਿਲਣ ਤੋਂ ਬਾਅਦ ਮਨਪ੍ਰੀਤ ਬਾਦਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਿਆਸੀ ਚਰਚਾਵਾਂ ਦਾ ਬਾਜ਼ਾਰ ਗਰਮ ਹੈ। ਸਿੱਧੂ ਦੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਜੇਲ੍ਹ ਤੋਂ ਬਾਹਰ ਆਉਣ ਦੀ ਸੰਭਾਵਨਾ ਹੈ। ਅਜਿਹੇ ‘ਚ ਸਵਾਲ ਉੱਠ ਰਹੇ ਹਨ ਕਿ ਕੀ ਸਿੱਧੂ ਕਾਂਗਰਸ ਨਾਲ ਮੁੜ ਆਪਣੀ ਸਿਆਸੀ ਪਾਰੀ ਸ਼ੁਰੂ ਕਰਨਗੇ ਜਾਂ ਉਨ੍ਹਾਂ ਨੇ ਵੀ ਕੋਈ ਵੱਡਾ ਧਮਾਕਾ ਕਰਨ ਦਾ ਆਪਣਾ ਮਨ ਬਣਾ ਲਿਆ ਹੈ। ਹਾਲਾਂਕਿ ਰਾਹੁਲ ਗਾਂਧੀ ਨੇ ਸਿੱਧੂ ਨੂੰ ਪੰਜਾਬ ਕਾਂਗਰਸ ‘ਚ ਵੱਡੀ ਜ਼ਿੰਮੇਵਾਰੀ ਸੌਂਪਣ ਦੀ ਗੱਲ ਕਹੀ ਹੈ।
ਦੂਜੇ ਪਾਸੇ ਕਾਂਗਰਸ ਨੇਤਾਵਾਂ ਦੇ ਭਾਜਪਾ ‘ਚ ਸ਼ਾਮਲ ਹੋਣ ਦੇ ਸਵਾਲ ‘ਤੇ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜੋ ਵੀ ਉੱਥੇ ਜਾਂਦਾ ਹੈ, ਉਹ ਕਿਸੇ ਨਾ ਕਿਸੇ ਦਬਾਅ ‘ਚ ਜਾਂਦਾ ਹੈ। ਉਨ੍ਹਾਂ ਨੇ ਇਸ ਦਬਾਅ ਨੂੰ ਸੀਬੀਆਈ, ਈਡੀ ਜਾਂ ਇਸ ਤਰ੍ਹਾਂ ਦਾ ਹੋਰ ਦਬਾਅ ਕਿਹਾ ਹੈ। ਰਾਹੁਲ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਅਜਿਹੇ ਲੋਕ ਹੁਣ ਪਾਰਟੀ ‘ਚ ਨਹੀਂ ਰਹੇ ਪਰ ਆਪਣੇ ਦਾਅਵੇ ਦੇ ਅਗਲੇ ਹੀ ਦਿਨ 18 ਜਨਵਰੀ ਨੂੰ ਮਨਪ੍ਰੀਤ ਸਿੰਘ ਬਾਦਲ ਕਾਂਗਰਸ ਤੋਂ ਅਸਤੀਫਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਜਦੋਂਕਿ ਫਿਲਹਾਲ ਬਾਦਲ ‘ਤੇ ਸੀਬੀਆਈ ਤੇ ਈਡੀ ਦੀ ਜਾਂਚ ਦਾ ਕੋਈ ਮਾਮਲਾ ਨਹੀਂ ਹੈ, ਜਿਸ ਕਾਰਨ ਉਹ ਕਿਸੇ ਤਰ੍ਹਾਂ ਦੇ ਦਬਾਅ ‘ਚ ਰਹੇ ਹੋਣ।