ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰਕਾਰੀ ਵਿਭਾਗਾਂ ਤੇ ਸੰਸਥਾਵਾਂ ਵਿੱਚ ਕਰੀਬ 71,426 ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਰੁਜ਼ਗਾਰ ਮੇਲੇ ਉਨ੍ਹਾਂ ਦੀ ਸਰਕਾਰ ਦੀ ਪਛਾਣ ਬਣ ਗਏ ਹਨ ਤੇ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ।
ਪ੍ਰਧਾਨ ਮੰਤਰੀ ਨੇ 10 ਲੱਖ ਮੁਲਾਜ਼ਮਾਂ ਲਈ ਭਰਤੀ ਮੁਹਿੰਮ ‘ਰੁਜ਼ਗਾਰ ਮੇਲੇ’ ਤਹਿਤ ਵੀਡੀਓ ਕਾਨਫਰੰਸ ਰਾਹੀਂ ਇਹ ਨਿਯੁਕਤੀ ਪੱਤਰ ਸੌਂਪੇ ਹਨ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, “ਇਹ ਸਾਲ 2023 ਦਾ ਪਹਿਲਾ ਨੌਕਰੀ ਮੇਲਾ ਹੈ। ਇਸ ਸਾਲ ਦੀ ਸ਼ੁਰੂਆਤ ਉੱਜਵਲ ਭਵਿੱਖ ਦੀਆਂ ਨਵੀਆਂ ਉਮੀਦਾਂ ਨਾਲ ਹੋਈ ਹੈ। ਮੈਂ ਸਾਰੇ ਨੌਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਾ ਹਾਂ। ਲੱਖਾਂ ਹੋਰ ਪਰਿਵਾਰਾਂ ਨੂੰ ਨੌਕਰੀ ਮਿਲਣ ਜਾ ਰਹੀ ਹੈ।”
ਰੁਜ਼ਗਾਰ ਮੇਲਿਆਂ ਨੂੰ ਸਰਕਾਰ ਦੀ ਪਛਾਣ ਦੱਸਦਿਆਂ ਪ੍ਰਧਾਨ ਮੰਤਰੀ ਨੇ ਕਿਹਾ, ‘ਕੇਂਦਰ ਸਰਕਾਰ ਦੇ ਨਾਲ-ਨਾਲ ਐਨਡੀਏ (NDA) ਤੇ ਭਾਜਪਾ ਸ਼ਾਸਤ ਰਾਜਾਂ ਵਿੱਚ ਲਗਾਤਾਰ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਸਰਕਾਰ ਵਾਅਦਾ ਕਰਦੀ ਹੈ ਤੇ ਉਸ ਨੂੰ ਸਾਬਤ ਕਰਕੇ ਦਿਖਾਉਂਦੀ ਹੈ।
ਭਰਤੀ ਪ੍ਰਕਿਰਿਆ ਵਿੱਚ ਬਦਲਾਅ ਦਾ ਜ਼ਿਕਰ ਕਰਦੇ ਹੋਏ, ਪੀਐਮ ਮੋਦੀ ਨੇ ਕਿਹਾ, ਕੇਂਦਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਪਹਿਲਾਂ ਨਾਲੋਂ ਵਧੇਰੇ ਕੁਸ਼ਲ ਤੇ ਸਮਾਂਬੱਧ ਹੋ ਗਈ ਹੈ। ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਤੇ ਗਤੀ ਸਰਕਾਰ ਦੇ ਹਰ ਕੰਮ ਵਿੱਚ ਨਜ਼ਰ ਆ ਰਹੀ ਹੈ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 71 ਹਜ਼ਾਰ ਲੋਕਾਂ ਨੂੰ ਨੌਕਰੀ ਲਈ ਨਿਯੁਕਤੀ ਪੱਤਰ ਵੰਡ ਕੇ ਦੇਸ਼ ਦੇ ਨੌਜਵਾਨਾਂ ਨੂੰ ਬਹੁਤ ਵੱਡਾ ਤੋਹਫਾ ਦਿੱਤਾ ਹੈ। ਇਸ ਨਾਲ ਬੇਰੁਜ਼ਗਾਰ ਬੈਠੇ ਨੌਜਵਾਨਾਂ ਦੇ ਦਿਲਾਂ ਵਿੱਚ ਉੱਮੀਦ ਜਾਗ ਗਈ ਹੈ। ਪੀਐਮ ਨਰਿੰਦਰ ਮੋਦੀ ਵਲੋਂ ਕੀਤਾ ਗਿਆ ਇਹ ਕੰਮ ਬਹੁਤ ਹੀ ਸ਼ਲਾਘਾਯੋਗ ਹੈ।