ਮੁਹੱਲਾ ਕਲੀਨਿਕਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਵਿਰੋਧੀ ਧਿਰਾਂ ਆਹਮੋ-ਸਾਹਮਣੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹਮਲਾ ਬੋਲਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਵੇਲੇ ਬਣਾਏ ਗਏ ਸੇਵਾ ਕੇਂਦਰਾਂ ਦੀਆਂ ਪੁਰਾਣੀਆਂ ਇਮਾਰਤਾਂ ਉੱਪਰ ਹੀ ਸੀਐਮ ਭਗਵੰਤ ਮਾਨ ਦੀ ਫੋਟੋ ਲਾ ਕੇ ਵਾਹ-ਵਾਹ ਖੱਟੀ ਜਾ ਰਹੀ ਹੈ। ਹੁਣ ਇਸ ਦਾ ਤਿੱਖਾ ਜਵਾਬ ਸੀਐਮ ਭਗਵੰਤ ਮਾਨ ਦਿੱਤਾ ਹੈ।
ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਦੇ ਸੇਵਾ ਕੇਂਦਰਾਂ ’ਤੇ ਅਕਾਲੀਆਂ ਦਾ ਹੱਕ ਨਹੀਂ, ਉਨ੍ਹਾਂ ਨੂੰ ਸਵਾਲ ਕਰਨ ਦਾ ਹੱਕ ਪੰਜਾਬ ਦੇ ਲੋਕਾਂ ਨੇ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਖੰਡਰ ਇਮਾਰਤਾਂ ਨੂੰ ਠੀਕ ਕਰਕੇ ਅਸੀਂ ਲੋਕਾਂ ਨੂੰ ਸਹੂਲਤਾਂ ਦੇ ਰਹੇ ਹਾਂ। ਦੁਨੀਆ ਦੀ ਕੋਈ ਤਾਕਤ ਮੈਨੂੰ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਨ ਤੋਂ ਰੋਕ ਨਹੀਂ ਸਕਦੀ।
ਦਰਅਸਲ ਪੰਜਾਬ ਸਰਕਾਰ ਵੱਲੋਂ 400 ਹੋਰ ਮੁਹੱਲਾ ਕਲੀਨਿਕ ਖੋਲ੍ਹੇ ਜਾਣ ਮਗਰੋਂ ਵਿਰੋਧੀ ਦਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨ ਲੱਗੇ ਹਨ। ਵਿਰੋਧੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਪਹਿਲਾਂ ਹੀ ਚੱਲ ਰਹੇ ਸਿਹਤ ਕੇਂਦਰਾਂ ਉੱਪਰ ਸੀਐਮ ਭਗਵੰਤ ਮਾਨ ਦੀ ਫੋਟੋ ਲਾ ਕੇ ਵਾਹ-ਵਾਹ ਖੱਟ ਲਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਨੂੰ ਲੈ ਕੇ ਮੁਹਿੰਮ ਹੀ ਛੇੜ ਦਿੱਤੀ ਹੈ। ਅਕਾਲੀ ਦਲ ਵੱਲੋਂ ਆਪਣੇ ਸੋਸ਼ਲ ਮੀਡੀਆ ਪੇਜ਼ ਉੱਪਰ ਉਨ੍ਹਾਂ ਮੁਹੱਲਾ ਕਲੀਨਿਕਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਜਿਨ੍ਹਾਂ ਨੂੰ ਪੁਰਾਣੇ ਸਿਹਤ ਕੇਂਦਰਾਂ ਵਿੱਚ ਹੀ ਬਣਾਇਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਫੇਸਬੁੱਕ ਪੇਜ ਉੱਪਰ ਲਿਖਿਆ ਹੈ ਕਿ ਅੱਗਾ ਦੌੜ ਤੇ ਪਿੱਛਾ ਚੌੜ..ਪੰਜਾਬ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖੇ ਬਿਨਾਂ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਪ੍ਰਾਇਮਰੀ ਤੇ ਪੇਂਡੂ ਸਿਹਤ ਸੰਭਾਲ ਪ੍ਰਣਾਲੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਅਪਾਹਜ਼ ਕਰ ਦਿੱਤਾ ਹੈ। “ਆਮ ਆਦਮੀ ਕਲੀਨਿਕ” ਜਾਅਲੀ ਬਦਲਾਅ ਦੁਆਰਾ ਪੰਜਾਬੀਆਂ ਸਮੇਤ ਪੂਰੇ ਦੇਸ਼ ਵਾਸੀਆਂ ਨੂੰ ਮੂਰਖ ਬਣਾਉਣ ਦਾ ਮਹਿਜ਼ ਇੱਕ ਤਰੀਕਾ ਹੈ