ਪੰਜਾਬ ਸਰਕਾਰ ਦੇ ਲੱਖ ਦਾਅਵਿਆਂ ਮਗਰੋਂ ਵੀ ਨਾਜਾਇਜ਼ ਮਾਈਨਿੰਗ ਨਹੀਂ ਰੁਕ ਰਹੀ। ਇਹ ਦਾਅਵਾ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਇੱਕ ਵੀਡੀਓ ਸ਼ੇਅਰ ਕਰਕੇ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਰਾਤ ਨੂੰ ਸ਼ਰੇਆਮ ਹੋ ਰਹੀ ਨਾਜਾਇਜ਼ ਮਾਈਨਿੰਗ ਦੀ ਇਹ ਵੀਡੀਓ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦੇ ਪਿੰਡ ਜਗਦੇਵ ਖੁਰਦ (ਅਜਨਾਲਾ) ਦੀ ਹੈ।
ਸੁਖਪਾਲ ਖਹਿਰਾ ਨੇ ਵੀਡੀਓ ਸ਼ੇਅਰ ਕਰਦਿਆਂ ਲਿਖਿਆ, ਮੰਤਰੀ ਕੁਲਦੀਪ ਧਾਲੀਵਾਲ ਦੇ ਪਿੰਡ ਜਗਦੇਵ ਖੁਰਦ (ਅਜਨਾਲਾ) ‘ਚ ਅੱਧੀ ਰਾਤ ਦੀ ਇਹ ਵੀਡੀਓ ਪੁਲਿਸ ਚੌਕੀ ਦੇ ਨੱਕ ਥੱਲੇ ਹੋ ਰਹੀ ਸ਼ਰੇਆਮ ਨਾਜਾਇਜ਼ ਮਾਈਨਿੰਗ ਦਾ ਪਰਦਾਫਾਸ਼ ਕਰਦੀ ਹੈ! ਮੈਂ ਭਗਵੰਤ ਮਾਨ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਰੇਤ ਮਾਫੀਆ ਦੇ ਖਿਲਾਫ ਕਾਰਵਾਈ ਕਰਨ ਤੇ ਵੀਡੀਓ ਵਿੱਚ ਦੱਸੇ ਜਾ ਰਹੇ ਆਪਣੇ ਮੰਤਰੀ ਦੀ ਭੂਮਿਕਾ ਦੀ ਜਾਂਚ ਕਰਨ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਰੇਤਾ-ਬਜਰੀ ਦੀਆਂ ਖੱਡਾਂ ਦੇ ਸੰਚਾਲਨ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗੀ ਕਿਉਂਕਿ ਇਸ ‘ਤੇ 24 ਘੰਟੇ ਨਿਗਰਾਨੀ ਰੱਖਣ ਲਈ ਸੀਸੀਟੀਵੀ ਕੈਮਰੇ ਲਾਏ ਗਏ ਹਨ। ਉਨ੍ਹਾਂ ਕਿਹਾ ਸੀ ਕਿ ਇਸ ਤੋਂ ਇਲਾਵਾ ਇਨ੍ਹਾਂ ਜਨਤਕ ਥਾਵਾਂ ‘ਤੇ ਪੁਲਿਸ ਦੀ ਗਸ਼ਤ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਨ੍ਹਾਂ ‘ਤੇ ਪੂਰੀ ਨਜ਼ਰ ਰੱਖੀ ਜਾ ਸਕੇ।
ਭਗਵੰਤ ਮਾਨ ਨੇ ਕਿਹਾ ਸੀ ਕਿ ਇਹ ਖੱਡਾਂ ਇਕ ਅਪ੍ਰੈਲ ਤੋਂ 30 ਸਤੰਬਰ ਤੱਕ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਤੇ 1 ਅਕਤੂਬਰ ਤੋਂ 31 ਮਾਰਚ ਤੱਕ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਣਗੀਆਂ। ਸੀਐਮ ਭਗਵੰਤ ਮਾਨ ਨੇ ਇਹ ਵੀ ਕਿਹਾ ਸੀ ਕਿ ਮੈਂ ਇਸ ਗੱਲ ਦੀ ਗਰੰਟੀ ਦਿੰਦਾਂ ਹਾਂ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੰਤਰੀ ਜਾਂ ਵਿਧਾਇਕ ਰੇਤ ਦੇ ਕਾਰੋਬਾਰ ਨਾਲ ਸਬੰਧ ਨਹੀਂ ਰੱਖੇਗਾ।