ਪੰਜਾਬ ਸਰਕਾਰ ਸੂਬੇ ਵਿੱਚ ਛੇਤੀ ਹੀ ‘ਫ਼ਰਿਸ਼ਤੇ ਸਕੀਮ’ ਸ਼ੁਰੂ ਕਰਨ ਜਾ ਰਹੀ ਹੈ। ‘ਫ਼ਰਿਸ਼ਤੇ ਸਕੀਮ’ ਦਾ ਮਕਸਦ ਕਿਸੇ ਵੀ ਹਾਦਸੇ ਦੌਰਾਨ ਪੀੜਤਾਂ ਨੂੰ ਤੁਰੰਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਸਰਕਾਰ ਦਾ ਦਾਅਵਾ ਹੈ ਕਿ ਇਸ ਸਕੀਮ ਤਹਿਤ ਐਮਰਜੈਂਸੀ ਤੇ ਐਂਬੂਲੈਂਸ ਸੇਵਾਵਾਂ ਦਾ ਮਿਆਰ ਵਿਸ਼ਵ ਪੱਧਰ ਦਾ ਬਣਾਇਆ ਜਾਵੇਗਾ।
ਇਸ ਬਾਰੇ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸੂਬੇ ਵਿੱਚ ਛੇਤੀ ਹੀ ‘ਫ਼ਰਿਸ਼ਤੇ ਸਕੀਮ’ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤਹਿਤ ਐਮਰਜੈਂਸੀ ਤੇ ਐਂਬੂਲੈਂਸ ਸੇਵਾਵਾਂ ਦਾ ਮਿਆਰ ਵਿਸ਼ਵ ਪੱਧਰ ਦਾ ਬਣਾਇਆ ਜਾਵੇਗਾ। ਉਹ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ’ਚ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਇੱਥੇ ਗੌਰਮਿੰਟ ਮੈਡੀਕਲ ਕਾਲਜ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਸਿਹਤ ਮੰਤਰੀ ਨੇ ਦੱਸਿਆ ਕਿ ਸੜਕ ਹਾਦਸੇ ਤੋਂ ਬਾਅਦ ਪਹਿਲਾ ਇੱਕ ਘੰਟਾ ‘ਗੋਲਡਨ-ਆਵਰ’ ਹੁੰਦਾ ਹੈ। ਇਸ ਦੌਰਾਨ ਮਰੀਜ਼ ਦੀ ਜਾਨ ਬਚਾਉਣ ਵਿੱਚ ਐਮਰਜੈਂਸੀ ਤੇ ਐਂਬੂਲੈਂਸ ਸੇਵਾਵਾਂ ਦੀ ਅਹਿਮੀਅਤ ਸਭ ਤੋਂ ਵੱਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ਕਾਰਨ ਹਰ ਸਾਲ ਔਸਤਨ 5500 ਜਾਨਾਂ ਜਾਂਦੀਆਂ ਹਨ। ਇਸ ਮੌਤ ਦਰ ਨੂੰ ਘਟਾਉਣ ਲਈ ਹੀ ‘ਫਰਿਸ਼ਤੇ’ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਹਾਦਸੇ ਦੇ ਪੀੜਤਾਂ ਲਈ ਪਹਿਲੇ 24 ਘੰਟਿਆਂ ਦੌਰਾਨ ਵਿਸ਼ਵ ਪੱਧਰ ਦੀਆਂ ਸਿਹਤ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਮਰੀਜ਼ ਦੀ ਸੰਭਾਲ ਕਰਨ ਵਾਲਿਆਂ ਨੂੰ ਟੈਸਟ ਕਰਵਾਉਣ ਜਾਂ ਦਵਾਈਆਂ ਲੈਣ ਲਈ ਬਾਹਰ ਨਾ ਜਾਣਾ ਪਵੇ। ਇਸ ਸਬੰਧੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ’ਚ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਐਨਜੀਓਜ਼ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਇਨ੍ਹਾਂ ਸੇਵਾਵਾਂ ’ਚ ਹੋਰ ਸੁਧਾਰ ਕਰਨ ਸਬੰਧੀ ਦੀ ਮੀਟਿੰਗ ’ਚ ਵਿਚਾਰਾਂ ਕੀਤੀਆਂ ਗਈਆਂ।