ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਸੰਵਿਧਾਨਕ ਤੇ ਵਿੱਤੀ ਸੰਕਟ ਵਧ ਰਿਹਾ ਹੈ ਤੇ ਪੰਜਾਬ ਸਰਕਾਰ ਕੋਲ ਇਸ ਵੇਲੇ ਜ਼ਹਿਰ ਖਾਣ ਲਈ ਪੈਸੇ ਨਹੀਂ ਹਨ। ਉਨ੍ਹਾਂ ਕਿਹਾ ਕਿ ਪਾਵਰਕੌਮ ਨੇ ਬੈਂਕਾਂ ਤੋਂ 500 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ ਤਾਂ ਜੋ ਮੁਲਾਜ਼ਮਾਂ ਨੂੰ ਤਨਖ਼ਾਹ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਆਪਣੀ ਸਰਕਾਰ ਵੱਲ ਧਿਆਨ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਣ ਤੱਕ 40 ਹਜ਼ਾਰ ਕਰੋੜ ਦਾ ਕਰਜ਼ਾ ਲੈ ਚੁੱਕੀ ਹੈ।
ਬਾਜਵਾ ਨੇ ਕਿਹਾ ਹੈ ਕਿ ਜੇ ਮੁੱਖ ਮੰਤਰੀ ਭਗਵੰਤ ਪੰਜਾਬ ਦੇ ਰਾਜਪਾਲ ਨੂੰ ਸੰਵਿਧਾਨਕ ਮੁਖੀ ਨਹੀਂ ਮੰਨਦੇ ਹਨ ਤਾਂ ਬਜਟ ਸੈਸ਼ਨ ਕਿਵੇਂ ਬੁਲਾਉਣਗੇ। ਉਸ ਰਾਜਪਾਲ ਨੇ ਹੀ ਮੁੱਖ ਮੰਤਰੀ ਨੂੰ ਸਹੁੰ ਚੁਕਾਈ ਸੀ। ਸੰਵਿਧਾਨ ਅਨੁਸਾਰ ਮੁੱਖ ਮੰਤਰੀ ਨੂੰ ਰਾਜਪਾਲ ਵੱਲੋਂ ਮੰਗੀ ਗਈ ਜਾਣਕਾਰੀ ਦੇਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੱਸਣ ਕਿ ਜੇ ਰਾਜਪਾਲ ਸੈਸ਼ਨ ਨਹੀਂ ਬੁਲਾਉਣਗੇ ਤਾਂ ਕੀ ਕੇਜਰੀਵਾਲ ਸੈਸ਼ਨ ਬੁਲਾਏਗਾ।
ਮੁੱਖ ਮੰਤਰੀ ਵੱਲੋਂ ਟੌਲ ਪਲਾਜ਼ਾ ਬੰਦ ਕਰਵਾਉਣ ਵੇਲੇ ਲਾਏ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਬਿਨਾਂ ਕੋਈ ਹੋਮ ਵਰਕ ਕੀਤੇ ਬਿਆਨਬਾਜ਼ੀ ਕੀਤੀ ਹੈ, ਜਦੋਂਕਿ ਉਹ ਟੌਲ ਪਲਾਜ਼ੇ ਲਈ ਜ਼ਿੰਮੇਵਾਰ ਨਹੀਂ ਹਨ। ਬਾਜਵਾ ਨੇ ਦੋਸ਼ ਲਾਏ ਕਿ ਜ਼ੀਰਾ ਸ਼ਰਾਬ ਫੈਕਟਰੀ ਦੇ ਪ੍ਰਬੰਧਕਾਂ ਨਾਲ ਵੀ ਆਮ ਆਦਮੀ ਪਾਰਟੀ ਦੀ ਸੈਟਿੰਗ ਚੱਲ ਰਹੀ ਹੈ।