ਦਿੱਲੀ ਨਗਰ ਨਿਗਮ ਵੱਲੋਂ ਮੇਅਰ ਦੇ ਅਹੁਦੇ ਲਈ ਚੋਣਾਂ ਕਰਵਾਉਣ ਦੀਆਂ ਤਿੰਨ ਅਸਫਲ ਕੋਸ਼ਿਸ਼ਾਂ ਤੋਂ ਬਾਅਦ ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਬੁੱਧਵਾਰ ਨੂੰ ਨਵੇਂ ਮੇਅਰ ਦੀ ਚੋਣ ਕੀਤੀ ਜਾਵੇਗੀ। ਨਿਗਮ ਸਦਨ ਦੀ ਬੈਠਕ ਸਵੇਰੇ 11 ਵਜੇ ਸ਼ੁਰੂ ਹੋਵੇਗੀ, ਜਿਸ ਵਿਚ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਛੇ ਮੈਂਬਰਾਂ ਦੇ ਅਹੁਦਿਆਂ ਲਈ ਚੋਣ ਹੋਵੇਗੀ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਦਿੱਲੀ ਦੇ ਉਪ ਰਾਜਪਾਲ ਵੀ. ਕੇ ਸਕਸੈਨਾ ਨੇ ਪਿਛਲੇ ਹਫ਼ਤੇ ਮੇਅਰ ਦੇ ਅਹੁਦੇ ਲਈ ਚੋਣ ਕਰਵਾਉਣ ਲਈ ਨਿਗਮ ਹਾਊਸ ਦੀ ਮੀਟਿੰਗ ਬੁਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਸੀ।
ਦੱਸ ਦੇਈਏ ਕਿ ਸੁਪਰੀਮ ਕੋਰਟ ਨੇ 17 ਫਰਵਰੀ ਨੂੰ ਮੇਅਰ, ਡਿਪਟੀ ਮੇਅਰ ਅਤੇ ਨਗਰ ਨਿਗਮ ਦੀ ਸਥਾਈ ਕਮੇਟੀ ਦੇ ਮੈਂਬਰਾਂ ਦੀ ਚੋਣ ਦੀ ਤਰੀਕ ਤੈਅ ਕਰਨ ਲਈ ਦਿੱਲੀ ਨਗਰ ਨਿਗਮ ਦੀ ਪਹਿਲੀ ਮੀਟਿੰਗ ਬੁਲਾਉਣ ਲਈ 24 ਘੰਟਿਆਂ ਦੇ ਅੰਦਰ ਨੋਟਿਸ ਜਾਰੀ ਕਰਨ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਇਹ ਹੁਕਮ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਬਾਅਦ ਜਾਰੀ ਕੀਤਾ ਸੀ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਦਿੱਲੀ ਨਗਰ ਨਿਗਮ ਲਈ ਉਪ ਰਾਜਪਾਲ ਵਲੋਂ ਨਾਮਜ਼ਦ ਕੀਤੇ ਗਏ ਮੈਂਬਰ ਮੇਅਰ ਦੀ ਚੋਣ ਲਈ ਵੋਟ ਨਹੀਂ ਕਰ ਸਕਦੇ।
ਦਿੱਲੀ ਨਗਰ ਨਿਗਮ ਐਕਟ, 1957 ਮੁਤਾਬਕ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨਗਰ ਨਿਗਮ ਚੋਣਾਂ ਤੋਂ ਬਾਅਦ ਸਦਨ ਦੇ ਪਹਿਲੇ ਸੈਸ਼ਨ ਵਿਚ ਕੀਤੀ ਜਾਂਦੀ ਹੈ। ਉਂਝ ਨਗਰ ਨਿਗਮ ਦੀਆਂ ਚੋਣਾਂ ਹੋਏ ਦੋ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਨਗਰ ਨਿਗਮ ਚੋਣਾਂ ਪਿਛਲੇ ਸਾਲ 4 ਦਸੰਬਰ ਨੂੰ ਹੋਈਆਂ ਸਨ। ਨਗਰ ਨਿਗਮ ਚੋਣਾਂ ਤੋਂ ਇਕ ਮਹੀਨੇ ਬਾਅਦ ਪਹਿਲੀ ਵਾਰ ਸਦਨ ਦੀ ਮੀਟਿੰਗ 6 ਜਨਵਰੀ ਨੂੰ ਸੱਦੀ ਗਈ ਸੀ। ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੈਂਬਰਾਂ ਵਿਚਕਾਰ ਗਰਮਾ-ਗਰਮੀ ਤੋਂ ਬਾਅਦ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ।