ਜਲੰਧਰ : ਲੋਕ ਸਭਾ ਹਲਕਾ ਜਲੰਧਰ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਕਾਂਗਰਸ ਚੋਣ ਕਮੇਟੀ ਦੇ ਇੰਚਾਰਜ ਮੁਕੁਲ ਵਾਸਨਿਕ ਵੱਲੋਂ ਜਾਰੀ ਕੀਤੇ ਗਏ ਪੱਤਰ ’ਚ ਕਿਹਾ ਗਿਆ ਹੈ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਲਈ ਕਰਮਜੀਤ ਕੌਰ ਚੌਧਰੀ ਦਾ ਨਾਂ ਪਾਰਟੀ ਉਮੀਦਵਾਰ ਵਜੋਂ ਮਨਜ਼ੂਰ ਕੀਤਾ ਹੈ।
ਦੱਸਣਯੋਗ ਹੈ ਕਿ ਲੋਕ ਸਭਾ ਹਲਕਾ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ 14 ਜਨਵਰੀ ਨੂੰ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੌਰਾਨ ਫਿਲੌਰ ਵਿਖੇ ਅਚਨਚੇਤੀ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ ਕਾਰਨ ਇਹ ਲੋਕ ਸਭਾ ਸੀਟ ਖ਼ਾਲੀ ਹੋ ਗਈ ਸੀ, ਜਿਸ ’ਤੇ ਛੇਤੀ ਹੀ ਜ਼ਿਮਨੀ ਚੋਣ ਦਾ ਐਲਾਨ ਹੋ ਸਕਦਾ ਹੈ। ਕਾਂਗਰਸ ਦੀ ਟਿਕਟ ਲਈ ਹਾਲਾਂਕਿ ਕੁਝ ਹੋਰ ਆਗੂਆਂ ਵੱਲੋਂ ਵੀ ਜ਼ੋਰ ਅਜ਼ਮਾਈ ਕੀਤੀ ਜਾ ਰਹੀ ਸੀ ਪਰ ਪਾਰਟੀ ਹਾਈਕਮਾਂਡ ਨੇ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ’ਤੇ ਹੀ ਭਰੋਸਾ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ। ਉਮੀਦਵਾਰ ਐਲਾਨੇ ਜਾਣ ’ਤੇ ਕਰਮਜੀਤ ਕੌਰ ਚੌਧਰੀ ਤੇ ਉਨ੍ਹਾਂ ਦੇ ਪੁੱਤਰ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਪਾਰਟੀ ਲੀਡਰਸ਼ਿਪ ਵੱਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਣ ਲਈ ਤਹਿ ਦਿਲੋਂ ਧੰਨਵਾਦੀ ਹੈ।