ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਇੱਕ ਵਾਰ ਫਿਰ ਕਿਹਾ ਹੈ ਕਿ ਸਰਕਾਰ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ। ਇੰਟਰਨੈੱਟ ਸੇਵਾਵਾਂ ਬੰਦ ਕਰਕੇ ਲੋਕਾਂ ਨੂੰ ਸੂਚਨਾ ਦੇ ਅਧਿਕਾਰ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਇਸ ਕਾਰਨ ਲੋਕਾਂ ਵਿੱਚ ਕਈ ਤਰ੍ਹਾਂ ਦੇ ਡਰ ਪੈਦਾ ਹੋ ਰਹੇ ਹਨ। ਸਰਕਾਰ ਇਸ ਤਰ੍ਹਾਂ ਦੀ ਸਸਤੀ ਰਾਜਨੀਤੀ ਕਰ ਰਹੀ ਹੈ।
ਇਸ ਦੌਰਾਨ ਸਿੱਖ ਧਰਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੌਜੂਦਾ ਹਾਲਾਤਾਂ ‘ਤੇ ਵਿਚਾਰ ਕਰਨ ਲਈ 27 ਮਾਰਚ ਨੂੰ ਸਿੱਖ ਜਥੇਬੰਦੀਆਂ ਦੀ ਵਿਸ਼ੇਸ਼ ਸਮੂਹ ਮੀਟਿੰਗ ਬੁਲਾਈ ਹੈ। ਅੱਜ ਇਸ ਸੰਬੰਧੀ ਗੱਲਬਾਤ ਕਰਦਿਆਂ ਜਥੇਦਾਰ ਨੇ ਕਿਹਾ ਕਿ ਪੰਜਾਬ ਵਿੱਚ ਚੱਲ ਰਹੇ ਹਾਲਾਤਾਂ ਕਾਰਨ ਸਿੱਖਾਂ ਦੇ ਮਨਾਂ ਵਿੱਚ ਬੇਚੈਨੀ ਦਾ ਮਾਹੌਲ ਹੈ। ਇਹ ਇਕੱਠ ਸਿੱਖ ਨੌਜਵਾਨਾਂ ਦੀ ਨਜਾਇਜ਼ ਗ੍ਰਿਫਤਾਰੀ ਅਤੇ ਲੋਕਾਂ ਦੇ ਭਵਿੱਖ ਲਈ ਕੀਤਾ ਜਾ ਰਿਹਾ ਹੈ।
ਜਥੇਦਾਰ ਨੇ ਕਿਹਾ ਕਿ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਸਿੱਖ ਜਥੇਬੰਦੀਆਂ, ਦਲ ਪੰਥ, ਸਿੱਖ ਬੁੱਧੀਜੀਵੀ, ਸਿੱਖ ਵਕੀਲ, ਪੱਤਰਕਾਰ, ਵਿਦਿਆਰਥੀ ਜਥੇਬੰਦੀਆਂ, ਧਾਰਮਿਕ, ਸਮਾਜਿਕ ਅਤੇ ਸਿਆਸੀ ਆਗੂਆਂ ਨੂੰ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇੱਕ ਵਾਰ ਫਿਰ ਅਸਥਿਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਕਿਹੋ ਜਿਹੀ ਸਿਆਸਤ ਹੈ ਕਿ ਤਿੰਨ ਦਹਾਕੇ ਪਹਿਲਾਂ ਵੀ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਸਿਆਸੀ ਖੇਡ ਖੇਡੀ, ਜਿਸ ਦਾ ਖਮਿਆਜ਼ਾ ਸਿੱਖ ਅੱਜ ਵੀ ਭੋਗ ਰਹੇ ਹਨ। ਹੁਣ ਇੱਕ ਵਾਰ ਫਿਰ ਉਹੀ ਚਾਲ ਚੱਲ ਰਹੀ ਹੈ। ਇਸ ਕਾਰਨ ਸਿੱਖਾਂ ਦਾ ਵੱਡੇ ਪੱਧਰ ‘ਤੇ ਨੁਕਸਾਨ ਹੋਣ ਦਾ ਖਦਸ਼ਾ ਹੈ। ਪੁਲਿਸ ਨੌਜਵਾਨਾਂ ਨੂੰ ਵੀ ਹਿਰਾਸਤ ਵਿੱਚ ਲੈ ਰਹੀ ਹੈ।