05/02/2024 1:54 AM

ਪੰਜਾਬ ਦੇ 4 ਮਹਾਨ ਖਿਡਾਰੀਆਂ ਦੀ ਜੀਵਨੀ ਪੜ੍ਹਣਗੇ ਬੱਚੇ, ਸਿਲੇਬਸ ‘ਚ ਹੋਣਗੀਆਂ ਸ਼ਾਮਲ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸੂਬੇ ਨਾਲ ਸਬੰਧਤ ਚਾਰ ਮਹਾਨ ਖਿਡਾਰੀਆਂ ਦੀਆਂ ਜੀਵਨੀਆਂ ਪੜ੍ਹਾਈਆਂ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਇਸ ਦਾ ਮਕਸਦ ਅੱਜ ਦੇ ਸਮੇਂ ਮੁਤਾਬਕ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਆਪਣੀ ਤਾਕਤ ਸਾਬਤ ਕਰਨ ਲਈ ਪ੍ਰੇਰਿਤ ਕਰਨਾ ਹੈ।

ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਬਣਾਉਣ ਦੀ ਵਚਨਬੱਧਤਾ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਦੇ ਮਹਾਨ ਖਿਡਾਰੀਆਂ ਦੀਆਂ ਜੀਵਨੀਆਂ ਨੂੰ ਸਕੂਲੀ ਸਿੱਖਿਆ ਦਾ ਸਿਲੇਬਸ ਬਣਾਇਆ ਹੈ।

ਉਨ੍ਹਾਂ ਕਿਹਾ ਕਿ ਇਸ ਵਾਰ ਸਰੀਰਕ ਸਿੱਖਿਆ ਦੀਆਂ ਪਾਠ ਪੁਸਤਕਾਂ ਵਿੱਚ ਪੰਜਾਬ ਦੇ ਚਾਰ ਮਹਾਨ ਖਿਡਾਰੀਆਂ ਦੀਆਂ ਸੰਖੇਪ ਜੀਵਨੀਆਂ ਸ਼ਾਮਲ ਕੀਤੀਆਂ ਗਈਆਂ ਹਨ, ਜਿਨ੍ਹਾਂ ਖਿਡਾਰੀਆਂ ਦੀਆਂ ਜੀਵਨੀਆਂ ਸਕੂਲੀ ਸਿਲੇਬਸ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ, ਉਨ੍ਹਾਂ ਨੇ ਵਿਸ਼ਵ ਭਰ ਵਿੱਚ ਪੰਜਾਬੀਆਂ ਦਾ ਨਾਂ ਰੌਸ਼ਨ ਕੀਤਾ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰੀਰਕ ਵਿਸ਼ੇ ਦੀ ਨੌਵੀਂ ਕਲਾਸ ਦੀ ਕਿਤਾਬ ਦੇ ਸਿਲੇਬਸ ਵਿ4ਚ ਤਿੰਨ ਵਾਰ ਦੇ ਓਲੰਪਿਕ ਸੋਨ ਤਮਗਾ ਹਾਕੀ ਦੇ ਉਲੰਪੀਅਨ ਬਲਬੀਰ ਸਿੰਘ ਸੀਨੀਅਰ, ਮਹਾਨ ਅਥਲੀਟ ਮਿਲਖਾ ਸਿੰਘ, ਏਸ਼ੀਅਨ ਚੈਂਪੀਅਨ ਮੁੱਕੇਬਾਜ਼ ਕੌਰ ਸਿੰਘ ਅਤੇ 10ਵੀਂ ਜਮਾਤ ਦੀ ਸਰੀਰਕ ਸਿੱਖਿਆ ਦੀ ਪਾਠ-ਪੁਸਤਕ ਵਿੱਚ ਭਾਰਤ ਦੇ ਪਹਿਲੇ ਅਰਜੁਨ ਐਵਾਰਡੀ ਓਲੰਪੀਅਨ ਐਥਲੀਟ ਗੁਰਬਚਨ ਸਿੰਘ ਰੰਧਾਵਾ ਦੀ ਜੀਵਨੀ ਨੂੰ ਸ਼ਾਮਲ ਕੀਤਾ ਗਿਆ ਹੈ।