ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਪੱਖ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਹਲਕਾ ਫਿਲੌਰ ਦੇ ਵੱਖ-ਵੱਖ ਇਲਾਕਿਆਂ ਵਿਚ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਮਾਨ ਨੇ ਫਿਲੌਰ ਦੇ ਪਿੰਡ ਬੁੰਡਾਲਾ ਅਤੇ ਬੜਾ ਪਿੰਡ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਅਸੀਂ ਸਰਕਾਰ ਬਣਾਉਣ ਤੋਂ ਬਾਅਦ ਸਰਕਾਰੀ ਹਸਪਤਾਲਾਂ ਅਤੇ ਸਕੂਲਾਂ ਦਾ ਕਾਇਆ-ਕਲਪ ਕਰਨਾ ਸ਼ੁਰੂ ਕਰ ਦਿੱਤਾ ਹੈ। ਅਗਲੇ 6 ਮਹੀਨਿਆਂ ਵਿਚ ਇਸਦੇ ਨਤੀਜੇ ਤੁਹਾਨੂੰ ਦਿਖਾਈ ਦੇਣ ਲੱਗਣਗੇ।
ਮੁੱਖ ਮੰਤਰੀ ਨੇ ਜਲੰਧਰ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਚੋਣ ਨਾਲ ਭਾਜਪਾ ਅਤੇ ਕਾਂਗਰਸ ਨੂੰ ਕੋਈ ਫਰਕ ਨਹੀਂ ਪੈਣ ਵਾਲਾ ਪਰ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਜਿੱਤਣ ਨਾਲ ਸਾਡਾ ਹੌਸਲਾ ਵਧੇਗਾ, ਜਿਸ ਨਾਲ ਅਸੀਂ ਹੋਰ ਤੇਜ਼ ਰਫਤਾਰ ਨਾਲ ਪੰਜਾਬ ਦੇ ਵਿਕਾਸ ਕਾਰਜ ਕਰਾਂਗੇ। ਉਨ੍ਹਾਂ ਕਿਹਾ ਕਿ ਚੋਣਾਂ ਦੇ ਸਮੇਂ ਅਸੀਂ ਤੁਹਾਡੇ ਨਾਲ ਵਾਅਦਾ ਕੀਤਾ ਸੀ ਕਿ ਤੁਹਾਡੇ ਘਰ ਦੇ ਨੇੜੇ ਤੁਹਾਡੇ ਇਲਾਜ ਲਈ ਸਿਹਤ ਕੇਂਦਰ ਬਣਾਵਾਂਗੇ। ਸਰਕਾਰ ਬਣਨ ਦੇ ਸਿਰਫ ਇਕ ਸਾਲ ਅੰਦਰ ਹੀ ਅਸੀਂ ਪੰਜਾਬ ਵਿਚ 500 ਤੋਂ ਜ਼ਿਆਦਾ ਮੁਹੱਲਾ ਕਲੀਨਿਕ ਬਣਾ ਦਿੱਤੇ। ਇਨ੍ਹਾਂ ਕਲੀਨਿਕਾਂ ਵਿਚ ਹੁਣ ਤੱਕ 20 ਲੱਖ ਤੋਂ ਵੱਧ ਲੋਕਾਂ ਦਾ ਇਲਾਜ ਹੋ ਚੁੱਕਾ ਹੈ ਅਤੇ 5 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੁਫਤ ਜਾਂਚ ਹੋਈ। ਮਾਨ ਨੇ ਕਿਹਾ ਕਿ ਅਸੀਂ ਪੰਜਾਬ ਦੇ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਪੰਜਾਬ ਦੀ ਜਵਾਨੀ ਅਤੇ ਕਿਰਸਾਨੀ ਨੂੰ ਬਚਾਉਣਾ ਸਾਡੀ ਸਰਕਾਰ ਦੀ ਪਹਿਲੀ ਪਹਿਲ ਹੈ। ਉਥੇ ਹੀ, ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਰੋਡ ਸ਼ੋਅ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਾਰਟੀ ਨੇ ਮੇਰੇ ’ਤੇ ਜਿਹੜਾ ਭਰੋਸਾ ਕੀਤਾ ਹੈ, ਮੈਂ ਉਸ ’ਤੇ ਪੂਰੀ ਤਰ੍ਹਾਂ ਖਰਾ ਉਤਰਾਂਗਾ।