ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਮੁੜ ਆਹਮੋ-ਸਾਹਮਣੇ ਹੋ ਗਈਆਂ ਹਨ। ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਲਈ ਜ਼ਮੀਨ ਦੇਣ ਦੇ ਮਾਮਲੇ ਉੱਪਰ ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਤਿੱਖਾ ਹਮਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਉਹ ਜ਼ਮੀਨ ਦੇਣ ਲਈ ਗੱਲਬਾਤ ਦੀ ਪੇਸ਼ਕਸ਼ ਕਰ ਚੁੱਕੇ ਹਨ ਪਰ ਮੁੱਖ ਮੰਤਰੀ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਲਈ ਜ਼ਮੀਨ ਦੇਣ ਸਬੰਧੀ ਸਰਕਾਰ ਨੂੰ ਗੱਲਬਾਤ ਵਾਸਤੇ ਪੇਸ਼ਕਸ਼ ਕਰ ਚੁੱਕੀ ਹੈ ਪਰ ਸਰਕਾਰ ਸ਼੍ਰੋਮਣੀ ਕਮੇਟੀ ਨਾਲ ਗੱਲ ਕਰਨ ਲਈ ਰਾਜ਼ੀ ਨਹੀਂ। ਇਸ ਸਬੰਧੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਸਤੂਆਣਾ ਸਾਹਿਬ ਵਿੱਚ ਮੈਡੀਕਲ ਕਾਲਜ ਸਬੰਧੀ ਸ਼੍ਰੋਮਣੀ ਕਮੇਟੀ ’ਤੇ ਰੋਕਾਂ ਲਗਾਉਣ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਨੇ ਹੁਣ ਤੱਕ ਕੋਈ ਹੁੰਗਾਰਾ ਨਹੀਂ ਦਿੱਤਾ। ਉਨ੍ਹਾਂ ਦੱਸਿਆ ਕਿ ਹਾਈ ਕੋਰਟ ਵਿਚ ਕੇਸ ਚੱਲਦਾ ਹੈ ਤੇ ਸਟੇਅ ਹੋਣ ਦੇ ਬਾਵਜੂਦ 23 ਮਈ 2022 ਨੂੰ ਪਿੰਡ ਬਡਰੁੱਖਾਂ ਵਿੱਚ ਸਥਿਤ 137 ਕਨਾਲ 18 ਮਰਲੇ ਜ਼ਮੀਨ ਬਿਨਾ ਕਿਸੇ ਅਧਿਕਾਰ ਦੇ ਪੰਜਾਬ ਸਰਕਾਰ ਨੂੰ ਮੈਡੀਕਲ ਕਾਲਜ ਖੋਲ੍ਹਣ ਲਈ ਲਿਖ ਦਿੱਤੀ ਗਈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਲਾਕੇ ਦੀ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਜਾਂ ਮੁੱਖ ਮੰਤਰੀ ਮਸਲੇ ਪ੍ਰਤੀ ਸੁਹਿਰਦ ਹਨ ਤਾਂ ਕਾਨੂੰਨੀ ਪੱਖ ਨੂੰ ਸਮਝਦਿਆਂ ਸ਼੍ਰੋਮਣੀ ਕਮੇਟੀ ਨਾਲ ਗੱਲਬਾਤ ਕਰਨ। ਦੱਸ ਦਈਏ ਕਿ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਲਈ ਜ਼ਮੀਨ ਦੇ ਮਾਮਲੇ ਨੂੰ ਲੈ ਕੇ ਪਹਿਲਾਂ ਵੀ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਵਿਵਾਦ ਭਖਿਆ ਸੀ। ਇਸ ਮਗਰੋਂ ਸ਼੍ਰੋਮਣੀ ਕਮੇਟੀ ਨੇ ਜ਼ਮੀਨ ਦੇਣ ਦਾ ਐਲਾਨ ਕਰ ਦਿੱਤਾ ਸੀ।