ਜੂਨ 1984 ਵਿੱਚ ਵਾਪਰੇ ਸਾਕਾ ਨੀਲਾ ਤਾਰਾ ਦੀ ਬਰਸੀ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸ਼੍ਰੋਮਣੀ ਕਮੇਟੀ ਨੇ ਇਸ ਮੌਕੇ ਫ਼ੌਜੀ ਹਮਲੇ ’ਚ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਦਰਸ਼ਨ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਦਲ ਖ਼ਾਲਸਾ ਨੇ ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਖ਼ਿਲਾਫ਼ 5 ਜੂਨ ਦੀ ਸ਼ਾਮ ਨੂੰ ਅੰਮ੍ਰਿਤਸਰ ਵਿੱਚ ‘ਘੱਲੂਘਾਰਾ ਯਾਦਗਾਰੀ ਮਾਰਚ’ ਕੱਢਣ ਦਾ ਫ਼ੈਸਲਾ ਕੀਤਾ ਹੈ।
ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ 1984 ਵਿੱਚ ਵਾਪਰੇ ਸਾਕਾ ਨੀਲਾ ਤਾਰਾ ਦੌਰਾਨ ਫੌਜੀ ਹਮਲੇ ਸਮੇਂ ਸ੍ਰੀ ਦਰਬਾਰ ਸਾਹਿਬ ਵਿੱਚ ਪ੍ਰਕਾਸ਼ ਕੀਤਾ ਪਾਵਨ ਸਰੂਪ ਗੋਲੀਆਂ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ। ਉਸ ਦੇ 6 ਜੂਨ ਨੂੰ ਕੀਤੇ ਜਾਣ ਵਾਲੇ ਸ਼ਹੀਦੀ ਸਮਾਗਮ ਸਮੇਂ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਉਸ ਵੇਲੇ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਫ਼ੌਜੀ ਹਮਲੇ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਸ਼ਹੀਦੀ ਸਮਾਗਮ ਕੀਤਾ ਜਾ ਰਿਹਾ ਹੈ। ਧਾਮੀ ਨੇ ਮੰਗਲਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਸ਼ਹੀਦੀ ਸਮਾਗਮ ਦੇ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ।
ਇਸ ਮੌਕੇ ਸ੍ਰੀ ਧਾਮੀ ਨੇ ਦੱਸਿਆ ਕਿ ਘੱਲੂਘਾਰੇ ਦੌਰਾਨ ਜ਼ਖ਼ਮੀ ਹੋਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਵੀ 6 ਜੂਨ ਨੂੰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿੱਚ ਸੰਗਤ ਦੇ ਦਰਸ਼ਨਾਂ ਲਈ ਸੁਸ਼ੋਭਿਤ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਜੂਨ 1984 ਦੇ ਘੱਲੂਘਾਰੇ ਦਾ ਦਰਦ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ।
ਜਥੇਬੰਦੀ ਦੇ ਬੁਲਾਰੇ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਇਸ ਸਾਕੇ ਖ਼ਿਲਾਫ਼ ਸਿੱਖ ਦਰਦ ਨੂੰ ਪ੍ਰਗਟ ਕਰਨ ਦੀ ਸਾਰੀ ਜ਼ਿੰਮੇਵਾਰੀ ਕੁਝ ਜਥੇਬੰਦੀਆਂ ਤੇ ਵਿਅਕਤੀਆਂ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ। ਜਥੇਬੰਦੀ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ ਨੇ ਕਿਹਾ ਕਿ ਜੂਨ 1984 ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ।