ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਸੂਬੇ ਦੇ ਸਰਹੱਦੀ ਇਲਾਕਿਆਂ ਦੇ ਦੌਰੇ ਦਾ ਅੱਜ ਦੂਜਾ ਅਤੇ ਆਖਰੀ ਦਿਨ ਹੈ। ਇਸ ਦੌਰਾਨ ਉਹ ਗੁਰਦਾਸਪੁਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਇੱਥੇ ਸਰਹੱਦ ਨੇੜੇ ਰਹਿੰਦੇ ਕੁਝ ਲੋਕਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਰਾਜਪਾਲ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਜਾਣਨਗੇ।
ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਦੋ ਦਿਨਾਂ ਦੌਰੇ ਦੇ ਪਹਿਲੇ ਦਿਨ ਅੰਮ੍ਰਿਤਸਰ, ਤਰਨਤਾਰਨ ਅਤੇ ਪਠਾਨਕੋਟ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕੀਤਾ ਸੀ। ਇੱਥੇ ਉਨ੍ਹਾਂ ਨੇ ਕੁਝ ਲੋਕਾਂ ਨਾਲ ਗੱਲਬਾਤ ਕਰਨ ਦੇ ਨਾਲ ਹੀ ਅਧਿਕਾਰੀਆਂ ਤੋਂ ਸਰਹੱਦੀ ਸੁਰੱਖਿਆ ਬਾਰੇ ਜਾਣਕਾਰੀ ਹਾਸਲ ਕੀਤੀ। ਰਾਜਪਾਲ ਵੱਲੋਂ ਸਰਹੱਦੀ ਸੁਰੱਖਿਆ ਲਈ ਤਿਆਰੀਆਂ ਅਤੇ ਮਾਈਨਿੰਗ ਗਤੀਵਿਧੀਆਂ ਸਮੇਤ ਹੋਰ ਸਮੱਸਿਆਵਾਂ ਦਾ ਵੀ ਨਿਰੀਖਣ ਕੀਤਾ ਗਿਆ।
ਦੱਸ ਦੇਈਏ ਕਿ ਪੁਰੋਹਿਤ ਨੇ ਕਰੀਬ 4 ਮਹੀਨੇ ਪਹਿਲਾਂ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਵੀ ਕੀਤਾ ਸੀ। ਉਸ ਦੌਰਾਨ ਉਨ੍ਹਾਂ ਪੰਜਾਬ ਦੀ ਮਾਣਯੋਗ ਸਰਕਾਰ ‘ਤੇ ਕਈ ਸਵਾਲ ਖੜ੍ਹੇ ਕੀਤੇ ਸਨ। ਇਸ ਦੇ ਨਾਲ ਹੀ ਪੁਰੋਹਿਤ ਨੇ ਪਾਕਿਸਤਾਨ ਤੋਂ ਪੰਜਾਬ ਵਿੱਚ ਨਸ਼ਿਆਂ ਦੀ ਆਮਦ ਬਾਰੇ ਗੱਲ ਕੀਤੀ ਹੈ। ਬਾਰਡਰ ‘ਤੇ ਸਖ਼ਤੀ ਦੇ ਬਾਵਜੂਦ ਚੋਰ ਰਸਤਿਆਂ ਰਾਹੀਂ ਨਸ਼ਿਆਂ ਦੀ ਡਿਲੀਵਰੀ ਹੋਣ ਬਾਰੇ ਦੱਸਿਆ।
ਪਿਛਲੀ ਫੇਰੀ ਦੌਰਾਨ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸਾਂਝੇ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਪੰਜਾਬ ਸਰਕਾਰ ਨੂੰ ਇਹ ਵੀ ਕਿਹਾ ਸੀ ਕਿ ਨਸ਼ਿਆਂ ‘ਤੇ ਕਾਬੂ ਪਾਉਣ ਲਈ ਸਾਧਨ ਘੱਟ ਹੋਣ ‘ਤੇ ਕੇਂਦਰ ਸਰਕਾਰ ਤੋਂ ਖੁੱਲ੍ਹ ਕੇ ਮਦਦ ਮੰਗੀ ਜਾਵੇ।